ਸੀਐੱਮ ਮਾਨ ਧੂਰੀ ’ਚ ਛਠ ਮਹਾਂਪਰਵ ਦੇ ਸਮਾਗਮ ’ਚ ਹੋਏ ਸ਼ਾਮਲ ਸੀਐੱਮ ਮਾਨ ਨੇ ਧੂਰੀ ਛਠ ਮਹਾਂਪਰਵ ਦੇ ਜਸ਼ਨਾਂ ’ਚ ਕੀਤੀ ਸ਼ਿਰਕਤ
Publish Date: Sun, 15 Nov 2026 07:48 PM (IST)
Updated Date: Sun, 15 Nov 2026 07:51 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਵਿੱਚ ਛਠ ਪੂਜਾ ਦੇ ਸਮਾਗਮ ’ਚ ਸ਼ਰਧਾਲੂਆਂ ਨਾਲ ਸ਼ਿਰਕਤ ਕਰਦਿਆਂ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਸਭ ਦੀ ਖ਼ੁਸ਼ੀ, ਖ਼ੁਸ਼ਹਾਲੀ, ਚੰਗੀ ਸਿਹਤ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਲੋਕ ਇੱਕ-ਦੂਜੇ ਦੇ ਤਿਉਹਾਰ ਆਪਸੀ ਉਤਸ਼ਾਹ ਨਾਲ ਮਨਾਉਂਦੇ ਹਨ ਤਾਂ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਅਮੀਰ ਵਿਰਾਸਤ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਛਠ ਪੂਜਾ ਮਨਾ ਰਹੇ ਹਨ। ਉਨ੍ਹਾਂ ਕਿਹਾ, “ਮੈਂ ਛਠੀ ਮਈਆ ਅਤੇ ਸੂਰਜ ਦੇਵ ਅੱਗੇ ਸਾਰਿਆਂ ਦੀ ਸ਼ਾਂਤੀ, ਚੰਗੀ ਸਿਹਤ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਦਾ ਹਾਂ ਅਤੇ ਆਸ ਕਰਦਾ ਹਾਂ ਕਿ ਪਿਆਰ, ਆਪਸੀ ਸਤਿਕਾਰ ਅਤੇ ਭਾਈਚਾਰੇ ਦੀਆਂ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਡੁੱਬਦੇ ਅਤੇ ਚੜ੍ਹਦੇ ਸੂਰਜ ਦੋਵਾਂ ਨੂੰ ਅਰਘ ਦੇਣ ਦੀ ਪਰੰਪਰਾ ਛਠ ਪੂਜਾ ਦੇ ਸਭ ਤੋਂ ਵਿਲੱਖਣ ਪਹਿਲੂਆਂ ਵਿੱਚੋਂ ਇੱਕ ਹੈ। ਇਹ ਸਾਨੂੰ ਜੀਵਨ ਦੇ ਹਰ ਪੜਾਅ ਅਤੇ ਹਰ ਵਿਅਕਤੀ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ। ਇਹ ਤਿਉਹਾਰ ਸਾਨੂੰ ਸਫ਼ਾਈ, ਸੰਜਮ, ਅਨੁਸ਼ਾਸਨ ਅਤੇ ਕੁਦਰਤ ਨਾਲ ਡੂੰਘਾ ਨਾਤਾ ਜੋੜਨ ਲਈ ਵੀ ਪ੍ਰੇਰਿਤ ਕਰਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਛਠ ਪੂਜਾ ਲਈ ਸੂਬੇ ਭਰ ਵਿੱਚ 104 ਥਾਵਾਂ ਦੀ ਪਛਾਣ ਕੀਤੀ ਹੈ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ।