- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਸਿਖਲਾਈ ਦਾ ਆਗਾਜ਼: ਪ੍ਰਿੰਸੀਪਲ ਡਾ.ਰਮਨਜੀਤ ਕੌਰ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਲਈ ਦਾਖ਼ਲਾ ਪ੍ਰਕਿਰਿਆ ਦੌਰਾਨ ਵਿਦਿਆਰਥਣਾਂ ਅਤੇ ਮਾਪਿਆਂ ਵੱਲੋਂ ਉਤਸ਼ਾਹਜਨਕ ਪ੍ਰਤੀਕਿਰਿਆ ਮਿਲ ਰਹੀ ਹੈ। ਉੱਚ-ਪੱਧਰੀ ਸਿੱਖਿਆ, ਅਨੁਸ਼ਾਸਿਤ ਕੈਂਪਸ ਤੇ ਤਜ਼ਰਬੇਕਾਰ ਅਧਿਆਪਕਾਂ ਕਾਰਨ ਕਾਲਜ ਵਿਚ ਦਾਖ਼ਲਾ ਲੈਣ ਲਈ ਲਗਾਤਾਰ ਰੁਝਾਨ ਵਧ ਰਿਹਾ ਹੈ। ਕਾਲਜ ਪ੍ਰਿੰਸੀਪਲ ਡਾ.ਰਮਨਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਦੋ ਅਕੈਡਮੀਆਂ ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ ਚੰਡੀਗੜ੍ਹ, ਨਿਸ਼ਚੈ ਅਕੈਡਮੀ ਫ਼ਾਰ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ’ਚ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਹਾਸਲ ਕਰ ਰਹੇ ਹਨ। ਡਾ.ਰਮਨਜੀਤ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਮੁਕਾਬਲੇ ਦੇ ਯੁੱਗ ਲਈ ਤਿਆਰ ਕਰਨਾ ਹੈ। ਇਸੇ ਮੰਤਵ ਨਾਲ ਕਾਲਜ ਵਿਚ ਸੈਸ਼ਨ 2026-27 ਤੋਂ ਗ੍ਰੈਜੂਏਸ਼ਨ ਦੀਆਂ ਵਿਦਿਆਰਥਣਾਂ ਲਈ ਸੀਸੀਐਲਪੀ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਗ੍ਰੈਜੂਏਸ਼ਨ ਦੇ ਪਹਿਲੇ ਸਾਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥਣਾਂ ਨੂੰ ਸਰਕਾਰੀ ਨੌਕਰੀਆਂ ਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਵਿਚ ਵਿਸ਼ੇਸ਼ ਲਾਭ ਮਿਲੇਗਾ। ਸੰਸਥਾ ਵਿਚ ਐਨਡੀਏ ਵੱਲ ਜਾਣ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਵੀ ਦਿੱਤੀ ਜਾ ਰਹੀ ਹੈ। ਕਾਲਜ ’ਚ ਐਮ. ਕਾੱਮ, ਪੀ.ਜੀ.ਡੀ.ਸੀ.ਏ, ਬੀ.ਏ, ਬੀ.ਬੀ.ਏ, ਬੀ.ਕਾੱਮ, ਬੀ.ਸੀ.ਏ ਅਤੇ 10 1, 10 2 ਸਮੇਤ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਜਾਰੀ ਹਨ। ਵਿਦਿਆਰਥਣਾਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸ਼ਖ਼ਸੀਅਤ ਨਿਰਮਾਣ, ਕੰਪਿਊਟਰ ਸਿੱਖਿਆ, ਕਰੀਅਰ ਮਾਰਗਦਰਸ਼ਨ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਵੀ ਜੋੜਿਆ ਜਾਂਦਾ ਹੈ, ਜਿਸ ਕਾਰਨ ਕਾਲਜ ਦੀ ਵਿਲੱਖਣ ਪਛਾਣ ਬਣੀ ਹੋਈ ਹੈ। ਪ੍ਰਿੰਸੀਪਲ ਡਾ.ਰਮਨਜੀਤ ਕੌਰ ਨੇ ਇਲਾਕੇ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਧੀਆਂ ਦੇ ਉੱਜਵਲ ਭਵਿੱਖ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਸ ਸੰਸਥਾ ’ਚ ਦਾਖਲਾ ਦਿਵਾ ਕੇ ਉਨ੍ਹਾਂ ਨੂੰ ਉੱਚ-ਮਿਆਰੀ ਸਿੱਖਿਆ ਅਤੇ ਬਿਹਤਰ ਭਵਿੱਖ ਦਾ ਮੌਕਾ ਪ੍ਰਦਾਨ ਕਰਨ।