ਕੰਪਿਊਟਰ ਆਪ੍ਰੇਟਰਾਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਰੋਸ ਪ੍ਰਦਰਸ਼ਨ
ਕੰਪਿਊਟਰ ਅਪਰੇਟਰਾਂ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ
Publish Date: Thu, 12 Feb 2026 03:38 PM (IST)
Updated Date: Fri, 13 Feb 2026 04:00 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਦੇਸ਼ ਭਰ ਵਿੱਚ ਹੋਈ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਸਮਰਥਨ ਦਿੰਦੇ ਹੋਏ ਪੰਜਾਬ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਝੰਡੇ ਹੇਠ ਫਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਪੰਜਾਬ, ਦਿੜ੍ਹਬਾ ਜ਼ਿਲ੍ਹਾ ਸੰਗਰੂਰ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਮੂਹ ਜ਼ਿਲ੍ਹਾ ਸੰਗਰੂਰ ਦੇ ਫਰਦ ਕੇਂਦਰ ਮੁਲਾਜ਼ਮਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸੂਬਾ ਮੀਡੀਆ ਸਕੱਤਰ ਬਲਜਿੰਦਰ ਸਿੰਘ ਸੋਨੀ, ਜ਼ਿਲਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਮੈਂਬਰ ਗਗਨਦੀਪ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਹਰ ਤਹਿਸੀਲ ਵਿੱਚ ਕਰਮਚਾਰੀਆਂ ਵੱਲੋਂ ਤਹਿਸੀਲ ਗੇਟਾਂ ਅੱਗੇ ਕਾਲੇ ਬਿੱਲੇ ਲਗਾਕੇ ਸਰਕਾਰ ਦੇ ਲੋਕ-ਮਾਰੂ ਬਿਲਾਂ, ਲੇਬਰ ਕੋਡ, ਨਿੱਜੀਕਰਨ ਅਤੇ ਠੇਕਾ ਪ੍ਰਥਾ ਦੇ ਵਿਰੋਧ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮੁਲਾਜ਼ਮਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ, ਮਜ਼ਦੂਰ ਅਧਿਕਾਰਾਂ ਵਿੱਚ ਕਟੌਤੀ ਅਤੇ ਠੇਕਾ ਪ੍ਰਥਾ ਨੂੰ ਵਧਾਵਾ ਦੇਣ ਵਾਲੇ ਫ਼ੈਸਲੇ ਮਜ਼ਦੂਰ ਵਰਗ ਲਈ ਘਾਤਕ ਸਾਬਤ ਹੋ ਰਹੇ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਆਪਣੀਆਂ ਨੀਤੀਆਂ ਵਿੱਚ ਤੁਰੰਤ ਸੁਧਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਵਰਕਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਹੜਤਾਲ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਵੱਲੋਂ ਮਜ਼ਦੂਰ ਏਕਤਾ ਜ਼ਿੰਦਾਬਾਦ, ਸਰਕਾਰੀ ਸੰਸਥਾਵਾਂ ਦੀ ਰੱਖਿਆ ਕਰੋ ਅਤੇ ਹੱਕਾਂ ਦੀ ਬਹਾਲੀ ਦੇ ਨਾਅਰੇ ਲਗਾਏ ਗਏ।