ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ
Publish Date: Wed, 01 Jul 2026 06:10 PM (IST)
Updated Date: Thu, 02 Jul 2026 04:02 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : 1 ਜੁਲਾਈ 2011 ਨੂੰ ਰੈਗੂਲਰ ਹੋਏ 6640 ਕੰਪਿਊਟਰ ਅਧਿਆਪਕ 15 ਸਾਲ ਦੀ ਰੈਗੂਲਰ ਸਰਵਿਸ ਪੂਰੀ ਹੋਣ ਦੇ ਬਾਵਜੂਦ ਵੀ ਆਪਣੇ ਲਿਖਤੀ ਰੈਗੂਲਰ ਨੋਟੀਫਿਕੇਸ਼ਨ ਤੇ ਰੈਗੂਲਰ ਨਿਯੁਕਤੀ ਪੱਤਰਾਂ ਨੂੰ ਲਾਗੂ ਕਰਵਾਉਣ ਲਈ ਸੜਕਾਂ ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਾਰਿਆਂ ਤੋਂ ਤੰਗ ਕੰਪਿਊਟਰ ਟੀਚਰਜ਼ ਯੂਨੀਅਨ ਇਕਾਈ ਸੰਗਰੂਰ ਵੱਲੋ ਬੁੱਧਵਾਰ ਨੂੰ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਦੇ ਅਤੇ ਪਿਛਲੇ ਸਮੇਂ ਦੌਰਾਨ 70 ਦੇ ਕਰੀਬ ਵਿਭਾਗੀ ਮੀਟਿੰਗਾਂ ਕਰਨ ਦੇ ਬਾਵਜੂਦ ਕੋਈ ਮਸਲਾ ਨਾ ਹੱਲ ਕਰਨ ਦੇ ਵਿਰੋਧ ਵਿੱਚ ਡੀਸੀ ਦਫਤਰ ਸੰਗਰੂਰ ਅੱਗੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ ਅਤੇ ਸਰਕਾਰ ਖਿਲਾਫ ਨਾਅਰੇਵਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਨਰਦੀਪ ਸ਼ਰਮਾ, ਕੁਲਦੀਪ ਸਿੰਘ ਸਿੰਘ ਅਤੇ ਜਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ.2010 ਵਿੱਚ ਰਾਜਪਾਲ ਦੀ ਪ੍ਰਵਾਨਗੀ ਨਾਲ ਪੰਜਾਬ ਸਰਕਾਰ ਵੱਲੋ ਜਾਰੀ ਰੈਗੂਲਰ ਨੋਟੀਫਿਕੇਸ਼ਨ ਅਤੇ 1 ਜੁਲਾਈ 2011 ਨੂੰ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਸੋਸਾਇਟੀ ਦੇ ਨਾਂ ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਹਾਈਕੋਰਟ ਵਿੱਚ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਆਉਣ ਦੇ ਬਾਵਜੂਦ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਦੀ ਥਾਂ ਸੁਪਰੀਮ ਕੋਰਟ ਚਲੀ ਗਈ ਹੈ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ। ਆਗੂਆਂ ਵੱਲੋ ਇਹ ਵੀ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿੱਚ ਹਮੇਸਾ ਉਨਾਂ ਨੂੰ ਲਾਗੂ ਕਰਨ ਤੋਂ ਭੱਜ ਜਾਂਦੀ ਹੈ। 6640 ਕੰਪਿਊਟਰ ਅਧਿਆਪਕ ਪਿਛਲੇ 21 ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਪੂਰੀ ਤਨਦੇਹੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ ਪਰ ਰੈਗੂਲਰ ਨੋਟੀਫਿਕੇਸ਼ਨ ਅਤੇ ਨਿਯੁਕਤੀ ਪੱਤਰਾਂ ਨੂੰ ਅੱਜ ਤੱਕ ਕਿਸੇ ਵੀ ਸਰਕਾਰ ਨੇ ਇਨ ਬਿਨ ਲਾਗੂ ਨਹੀਂ ਕੀਤਾ ਹੈ। ਇਸ ਦੌਰਾਨ 113 ਕੰਪਿਊਟਰ ਅਧਿਆਪਕ ਇਸ ਦੁਨੀਆ ਤੋਂ ਰੁਖਸਤ ਹੋ ਗਏ ਹਨ ਅਤੇ 5 ਕੰਪਿਊਟਰ ਅਧਿਆਪਕ ਬਿਨਾਂ ਕੋਈ ਲਾਭ ਪ੍ਰਾਪਤ ਕੀਤੇ ਰਿਟਾਇਰ ਵੀ ਹੋ ਚੁੱਕੇ ਹਨ ਪਰ ਉਨਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਅਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ 2 ਦਸੰਬਰ 2010 ਦਾ ਨੋਟੀਫਿਕੇਸ਼ਨ, ਚੋਣ ਮੈਨੀਫੈਸਟੋ ਵਿੱਚ ਕੀਤਾ ਵਾਅਦਾ ਅਤੇ 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਵੱਲੋ ਕੀਤਾ ਅਧਿਕਾਰਤ ਐਲਾਨ ਇੰਨ-ਬਿੰਨ ਲਾਗੂ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਿਲ੍ਹਾ ਆਗੂ ਅੰਜੂ ਜੈਨ, ਸੁਖਵੀਰ ਕੌਰ, ਸੁਮਨਦੀਪ ਕੌਰ, ਸਬਨਮ, ਸੋਨੀਆ ਬਾਂਸਲ, ਅੰਜੂ ਰਾਣੀ, ਬਬੀਤਾ ਰਾਣੀ, ਹਰਵਿੰਦਰ ਸਿੰਘ, ਵਿਕਾਸ ਜਿੰਦਲ, ਖੁਸ਼ਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ, ਦਵਿੰਦਰ ਸਿੰਘ, ਰਾਜਪਾਲ, ਮਨਦੀਪ ਸਿੰਘ, ਨਰੇਸ਼ ਕੁਮਾਰ,ਨੀਰਜ ਯਾਦਵ, ਤੇਜਿੰਦਰ ਬਾਂਸਲ, ਪੁਸ਼ਪਿੰਦਰ ਰਤਨ, ਸੁਮਿਤ ਖੁਰਾਣਾ ਹਾਜਰ ਸਨ।