ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ
Publish Date: Wed, 19 Aug 2026 07:23 PM (IST)
Updated Date: Thu, 20 Aug 2026 04:03 AM (IST)
ਫੋਟੋ–27 ਕੈਪਸ਼ਨ–ਸੰਗਰੂਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕੰਪਿਊਟਰ ਅਧਿਆਪਕ। ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਤੇ ਮਸਲੇ ਨੂੰ ਲੰਬੇ ਸਮੇਂ ਤੋਂ ਲਟਕਾਉਣ ਦੇ ਵਿਰੋਧ ’ਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਵੱਲੋਂ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਸਾੜ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਸੂਬਾ ਆਗੂ ਨਰਦੀਪ ਸ਼ਰਮਾ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਨਾਲ ਹੁਣ ਤੱਕ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਵਾਰ ਮੀਟਿੰਗਾਂ ਵਿੱਚ ਹਾਂ-ਪੱਖੀ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਹਾਲ ਹੀ ਵਿੱਚ 13 ਅਤੇ 18 ਅਗਸਤ ਦੀਆਂ ਨਿਰਧਾਰਤ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿੱਚ ਡੀਏ ਸਬੰਧੀ ਫਾਈਲ ’ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਫਾਈਲ ਨੂੰ ਮਨਜ਼ੂਰੀ ਨਾ ਦੇ ਕੇ ਵਾਪਸ ਭੇਜ ਦਿੱਤਾ ਗਿਆ। ਯੂਨੀਅਨ ਨੇ ਇਸ ਕਾਰਵਾਈ ਨੂੰ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਤਰਕਸੀਲ ਸੁਸਾਇਟੀ ਦੇ ਸੂਬਾ ਆਗੂ ਜੁਝਾਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ, 6ਵੇਂ ਤਨਖਾਹ ਕਮਿਸ਼ਨ ਸਬੰਧੀ ਐਲਾਨ ਅਤੇ 70 ਤੋਂ ਵੱਧ ਮੀਟਿੰਗਾਂ ਇਨ੍ਹਾਂ ਸਭ ਦੇ ਬਾਵਜੂਦ ਜੇਕਰ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਬਾਅਦ ਵੀ ਮਸਲਾ ਤਾਂ ਇਹ ਕੰਪਿਊਟਰ ਅਧਿਆਪਕਾਂ ਨਾਲ ਗੰਭੀਰ ਅਣਦੇਖੀ ਹੈ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਹਰਵਿੰਦਰ ਸਿੰਘ, ਤੇਜਿੰਦਰ ਬਾਂਸਲ, ਸੁਮਿਤ ਖੁਰਾਣਾ, ਵਿਸਾਲ ਕੁਮਾਰ,ਜਸਵੀਰ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ, ਮਨਦੀਪ ਸਿੰਘ, ਪਰਮਿੰਦਰ ਸਿੰਘ, ਭਰਤ ਸ਼ਰਮਾ, ਰਵੀ ਸੈਣੀ, ਗੋਰਵ ਜੰਡੂ,ਅੰਜੂ ਬਾਲਾ, ਰੁਪਿੰਦਰ ਕੌਰ, ਬਬੀਤਾ ਰਾਣੀ, ਜਗਦੀਪ ਕੌਰ ਮੌਜੂਦ ਸਨ।