ਕੰਪਿਊਟਰ ਅਧਿਆਪਕ 8 ਮਾਰਚ ਨੂੰ ਕਰਨਗੇ ਪੰਜਾਬ ਵਿਧਾਨ ਸਭਾ ਦਾ ਘਿਰਾਓ
ਕੰਪਿਊਟਰ ਅਧਿਆਪਕ 8 ਮਾਰਚ ਨੂੰ ਕਰਨਗੇ ਪੰਜਾਬ ਵਿਧਾਨ ਸਭਾ ਦਾ ਘਿਰਾਓ
Publish Date: Mon, 02 Mar 2026 05:38 PM (IST)
Updated Date: Tue, 03 Mar 2026 04:06 AM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ♠: ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਵਾਅਦਿਆਂ ਤੇ ਲਗਾਤਾਰ ਹੋ ਰਹੀ ਅਣਦੇਖੀ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਏ ਗਏ ਫੈਸਲੇ ਅਨੁਸਾਰ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਵੱਡੇ ਪੱਧਰ ’ਤੇ ਘਿਰਾਓ ਕੀਤਾ ਜਾਵੇਗਾ। ਅਧਿਆਪਕ ਆਗੂਆਂ ਨੇ ਕਿਹਾ ਕਿ 2010 ਵਿਚ ਰਾਜਪਾਲ ਦੀ ਪ੍ਰਵਾਨਗੀ ਮਿਲਣ ਤੇ 2011 ਵਿਚ ਰੈਗੂਲਰ ਨਿਯੁਕਤੀ ਪੱਤਰ ਮਿਲਣ ਦੇ ਬਾਵਜੂਦ, ਅਧਿਆਪਕਾਂ ਨੂੰ ਸੋਸਾਇਟੀ ਦੇ ਨਾਂ ’ਤੇ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਵੋਟਾਂ ਵੇਲੇ ਵਾਅਦੇ ਕਰਦੀ ਹੈ ਪਰ ਅਮਲੀ ਰੂਪ ਵਿਚ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਅੱਜ ਵੀ ਸਮਾਜਿਕ ਸੁਰੱਖਿਆ ਤੇ ਬਣਦੇ ਹੱਕਾਂ ਲਈ ਤਰਸ ਰਹੇ ਹਨ। ਇਸ ਸਬੰਧ ਵਿਚ ਸੋਮਵਾਰ ਨੂੰ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਮੀਟਿੰਗ ਵਿਚ 8 ਮਾਰਚ ਦੇ ਵਿਧਾਨ ਸਭਾ ਦੇ ਘਿਰਾਓ ਦੇ ਐਕਸ਼ਨ ਸਬੰਧੀ ਤਿਆਰੀਆਂ ਆਰੰਭੀਆਂ ਗਈਆਂ। ਇਸ ਮੀਟਿੰਗ ਵਿਚ ਵੱਖ-ਵੱਖ ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਸੱਤਾ ਵਿਚ ਆਂਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਤੇ ਸੀਐੱਸਆਰ ਰੂਲਜ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਹ ਸਰਕਾਰੀ ਵਾਅਦਾ ਹੁਣ ਤੱਕ ਲਗਭਗ ਚਾਰ ਬੀਤ ਜਾਣ ਬਾਅਦ ਵੀ ਅਧੂਰਾ ਰਿਹਾ। ਇਸ ਕਰ ਕੇ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਵੱਲੋਂ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ,ਅੰਜੂ ਜੈਨ ਅਤੇ ਜਿਲ੍ਹਾ ਆਗੂਆਂ ਕੁਲਦੀਪ ਸਿੰਘ, ਹਰਵਿੰਦਰ ਸਿੰਘ, ਵਰਿੰਦਰ ਹੰਸ, ਤੇਜਿੰਦਰ ਬਾਂਸਲ, ਸੁਮਿਤ ਖੁਰਾਣਾ, ਨੀਰਜ ਯਾਦਵ, ਮੰਜੂ ਰਾਣੀ, ਅਵਤਾਰ ਸਿੰਘ, ਸੰਜੀਵ ਕੁਮਾਰ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ। ਉਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਜਬੂਰਨ ਹੁਣ ਸਾਨੂੰ ਸਰਕਾਰ ਖ਼ਿਲਾਫ਼ ਇਹ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ।