ਕਾਂਗਰਸ ਪਾਰਟੀ ਨਾਲ ਲੋਕਾਂ ਨੂੰ ਜੋੜਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਦਿਉਗੜ੍ਹ ਕਾਂਗਰਸ ਪਾਰਟੀ ਨਾਲ ਲੋਕਾਂ ਨੂੰ ਜੋੜਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ : ਦਿਉਗੜ੍ਹ
Publish Date: Wed, 25 Nov 2026 04:20 PM (IST)
Updated Date: Wed, 25 Nov 2026 04:22 PM (IST)
ਭੁਪਿੰਦਰਜੀਤ ਸਿੰਘ ਮੌਲਵੀਵਾਲਾ, ਪੰਜਾਬੀ ਜਾਗਰਣ •ਪਾਤੜਾਂ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੁਤਰਾਣਾ ਅੰਦਰ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। ਇਸੇ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਕਾਂਗਰਸ ਪਾਰਟੀ ਨਾਲ ਲੋਕਾਂ ਨੂੰ ਜੋੜਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਗੁਰਪਿਆਰ ਸਿੰਘ ਦਿਉਗੜ੍ਹ ਸੈਕਟਰੀ ਪੰਜਾਬ ਕਾਂਗਰਸ ਐਸਸੀ ਵਿੰਗ ਨੇ ਕੀਤਾ। ਕਾਂਗਰਸੀ ਆਗੂ ਦਿਉਗੜ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਿੰਡਾਂ ਦੇ ਹਰ ਘਰ ਤੱਕ ਪਹੁੰਚਾਉਣਾ ਅਤੇ ਹਰ ਵਰਗ ਦੇ ਵੋਟਰ ਨੂੰ ਪਾਰਟੀ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਹੋਵੇਗਾ। ਇਸੇ ਤਹਿਤ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਸੈਮੀਨਾਰ ਅਤੇ ਵਿਚਾਰ-ਚਰਚਾਵਾਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਉਦੇਸ਼ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਵੀ ਹੈ। ਹਲਕਾ ਸੁਤਰਾਣਾ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਔਰਤਾਂ ਦਾ ਸਸ਼ਕਤੀਕਰਨ, ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਸਮਾਜ ਦੇ ਪਛੜੇ ਤੇ ਲੋੜਵੰਦ ਵਰਗਾਂ ਨੂੰ ਬਰਾਬਰ ਦੇ ਮੌਕੇ ਦਿਵਾਉਣਾ ਸਮੇਂ ਦੀ ਮੁੱਖ ਲੋੜ ਹੈ।