- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਵੱਲੋਂ ਮੋਟਰਸਾਈਕਲ ਰੈਲੀ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਕਾਂਗਰਸ ਦੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਦਰਸ਼ਨ ਸਿੰਘ ਸਿੱਧੂ ਨੇ ਮੋਟਰਸਾਈਕਲ ਰੈਲੀ ਹਲਕੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਦੁਗਾਲ ਤੋਂ ਸ਼ੁਰੂ ਹੋ ਕੇ ਪਾਤੜਾਂ, ਸ਼ੁਤਰਾਣਾ ਅਤੇ ਬਾਦਸ਼ਾਹਪੁਰ ਤੋਂ ਹੁੰਦੀ ਹੋਈ ਪਿੰਡ ਨਨਹੇੜਾ ਤੱਕ ਪਹੁੰਚੀ ਮੋਟਰਸਾਈਕਲ ਰੈਲੀ ਨੂੰ ਉਨ੍ਹਾਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਾਂਗਰਸ ਦੇ ਐੱਸਸੀ ਸੈੱਲ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਸਿੱਧੂ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਨੂੰ ਉਠਾਉਂਦਿਆਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਸੇ ਲੜੀ ਨੂੰ ਅੱਗੇ ਤੋਰਦਿਆਂ ਵਿਸ਼ਾਲ ਮੋਟਰਸਾਈਕਲ ਰੈਲੀ ਰਾਹੀਂ ਸਰਕਾਰ ਤੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਲੋਕ ਸਮੱਸਿਆਵਾਂ ਦਾ ਹੱਲ ਕਰਨ ਦੀ ਮੰਗ ਉਠਾਈ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਖਿਲਾਫ਼ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਆਪਣਾ ਸਹਿਯੋਗ ਦੇਣ, ਤਾਂ ਜੋ ਪੰਜਾਬ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਪੂਰਾ ਕਰ ਕੇ ਪੰਜਾਬ ਨੂੰ ਖੁਸ਼ਹਾਲ ਤੇ ਵਿਕਾਸਸ਼ੀਲ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਤੱਕ ਪਹੁੰਚ ਬਣਾਉਣ ਲਈ ਵੱਖ-ਵੱਖ ਰਸਤਿਆਂ ’ਤੇ ਹੋਰ ਰੈਲੀਆਂ ਵੀ ਕੱਢੀਆਂ ਜਾਣਗੀਆਂ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ। ਇਸ ਮੌਕੇ ਬਲਵਿੰਦਰ ਸਿੰਘ ਨਨਹੇੜਾ, ਰਾਮਪਾਲ ਸਿੰਘ ਚੇਅਰਮੈਨ, ਖੁਸ਼ਪ੍ਰੀਤ ਸਿੰਘ ਚਾਂਦਪੁਰਾ, ਕਾਕਾ ਸਿੰਘ ਚਾਂਦਪੁਰਾ, ਬਲਵਿੰਦਰ ਸਿੰਘ ਸਿੱਧੂ ਪਾਤੜਾਂ ਅਤੇ ਗੋਵਿੰਦ ਸਿੰਘ ਪਾਤੜਾਂ ਆਦਿ ਮੌਜੂਦ ਸਨ।