- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਪੀਐਸਸੀ ਦਫ਼ਤਰ ਨੂੰ ਜਿੰਦਰਾ ਲਗਾਉਣ ਵਾਲੇ ਯੂਥ ਕਾਂਗਰਸੀ ਆਗੂ ਜੇਲ੍ਹ ਭੇਜੇ

ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਪਟਿਆਲਾ ਦੇ ਦਫ਼ਤਰ ਵਿਖੇ ਕੀਤੇ ਰੋਸ ਪ੍ਰਦਰਸ਼ਨ ਦੇ ਮਾਮਲੇ ’ਚ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ, ਅਰਸ਼ਦੀਪ ਸਮੇਤ 24 ਯੂਥ ਆਗੂਆਂ ’ਤੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਪੁਲਿਸ ਨੇ ਨਾਮਜ਼ਦ ਕੀਤੇ ਕਈ ਵਿਅਕਤੀਆਂ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਦੇ ਹੁਕਮਾਂ ’ਤੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ’ਚ ਕੁਝ ਹੋਰ ਅਣਪਛਾਤੇ ਵਿਅਕਤੀਆਂ ਨੂੰ ਵੀ ਜਾਂਚ ਦੇ ਘੇਰੇ ’ਚ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ 19 ਨਵੰਬਰ 2026 ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਦਫ਼ਤਰ ਵਿਖੇ ਯੂਥ ਕਾਂਗਰੀਆਂ ਵੱਲੋਂ ਕੀਤੇ ਇਕੱਠ ਦੌਰਾਨ ਦਫਤਰ ਦਾ ਗੇਟ ਬੰਦ ਕੀਤਾ ਸੀ, ਜਿਸ ਦੌਰਾਨ ਪੁਲਿਸ ਨੇ ਉਕਤ ਧਰਨਾਕਾਰੀਆਂ ਨੂੰ ਹਿਰਾਸ਼ਤ ’ਚ ਲਿਆ ਸੀ। ਪੁਲਿਸ ਨੇ ਦੋਸ਼ ਲਾਇਆ ਹੈ ਕਿ ਇਸ ਘਟਨਾ ਕਾਰਨ ਸਰਕਾਰੀ ਕੰਮਕਾਜ ਵਿਚ ਵਿਘਨ ਪਿਆ ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਬੰਧੀ ਪੀਪੀਐਸਸੀ ਦੇ ਸੀਨੀਅਰ ਸਹਾਇਕ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ-4, ਲਾਹੌਰੀ ਗੇਟ ਪਟਿਆਲਾ ਵਿਖੇ ਮਾਮਦਾ ਦਰਜ ਕੀਤਾ ਗਿਆ ਹੈ ਤੇ ਐੱਫਆਈਆਰ ਵਿੱਚ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਧਾਰਾਵਾਂ 329, 132, 221, 126(2), 190 ਅਤੇ 191(2) ਤੋਂ ਇਲਾਵਾ ਪ੍ਰੀਵੈਂਸ਼ਨ ਆਫ ਡੈਮੇਜ ਟੂ ਪਬਲਿਕ ਪ੍ਰਾਪਰਟੀ ਐਕਟ ਦੀ ਧਾਰਾ 3(1) ਲਗਾਈ ਗਈ ਹੈ। ਪੀਪੀਐੱਸਸੀ ਦਫ਼ਤਰ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਅਤੇ ਉਸਤੋਂ ਬਾਅਦ ਪੁਲਿਸ ਕਾਰਵਾਈ ਨੇ ਸ਼ਹਿਰ ਵਿੱਚ ਚਰਚਾ ਛੇੜ ਦਿੱਤੀ ਹੈ। ਇਸ ਤੋਂ ਪਹਿਲਾ ਜ਼ਿਲ੍ਹੇ ਦੇ ਕਾਂਗਰਸੀਆਂ ਵੱਲੋਂ ਥਾਣਾ ਲਾਹੋਰੀ ਗੇਟ ਦੇ ਸਾਹਮਣੇ ਵੀ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਧੱਕੇਸ਼ਾਹੀ ਕਰਨ ਦੇ ਇਲਜਾਮ ਲਗਾਏ ਗਏ। ਮਾਮਲੇ ਦੀ ਪੁਸ਼ਟੀ ਕਰਦਿਆਂ ਥਾਣਾ ਲਾਹੌਰੀ ਗੇਟ ਦੇ ਇੰਚਾਰਜ ਦਾਨਿਸਵੀਰ ਸਿੰਘ ਨੇ ਕਰਦਿਆਂ ਆਖਿਆ ਕਿ ਪੀਪੀਐਸੀ ਦੇ ਸੀਨੀਅਰ ਸਹਾਇਕ ਅਕਾਸ਼ਦੀਪ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਗਈ ਹੈ।