- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਵਿਧਾਇਕ ਨੀਨਾ ਮਿੱਤਲ ਨੇ ਇਲਾਕੇ ਦੇ ਵਸਨੀਕਾਂ ਨਾਲ ਕੀਤੀ ‘ਲੋਕ ਮਿਲਣੀ’

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਹਲਕਾ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੇ ਪੁਰਾਣਾ ਰਾਜਪੁਰਾ ਦੇ ਵਾਰਡ ਨੰਬਰ 29 ਸਥਿਤ ਰੌਸ਼ਨ ਕਲੋਨੀ ਤੇ ਆਸ-ਪਾਸ ਦੇ ਇਲਾਕਿਆਂ ਵਿਚ ਲੋਕ ਮਿਲਣੀ ਕਰਕੇ ਵਸਨੀਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣੀਆਂ। ਇਸ ਲੋਕ ਮਿਲਣੀ ’ਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਮਰਜੀਤ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ’ਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਲਾਕੇ ਦੀਆਂ ਔਰਤਾਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਵਿਧਾਇਕ ਨੀਨਾ ਮਿੱਤਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਦੇ ਲੋਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਮਨਜ਼ੂਰ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਮੁਫ਼ਤ ਬਿਜਲੀ ਸਕੀਮ ਕਾਰਨ ਵੱਡੀ ਗਿਣਤੀ ’ਚ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਯੋਗ ਨਾਗਰਿਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਦਕਿ ਸਿੱਖਿਆ, ਸਿਹਤ, ਪਾਣੀ ਤੇ ਲੋਕ ਭਲਾਈ ਨਾਲ ਸਬੰਧਤ ਕਈ ਹੋਰ ਯੋਜਨਾਵਾਂ ਵੀ ਸਫ਼ਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਵਿਧਾਇਕ ਨੀਨਾ ਮਿੱਤਲ ਨੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਦਾ ਸਮੇਂ ਸਿਰ ਨਿਪਟਾਰਾ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਮਰਜੀਤ ਸ਼ਰਮਾ ਨੇ ਵਿਧਾਇਕ ਨੀਨਾ ਮਿੱਤਲ ਤੇ ਹਾਜ਼ਰ ਪਤਵੰਤਿਆਂ ਦਾ ਸਵਾਗਤ ਕੀਤਾ। ਸਿੱਖਿਆ ਕ੍ਰਾਂਤੀ ਟੀਮ ਦੇ ਮੈਂਬਰ ਰਾਜਿੰਦਰ ਸਿੰਘ ਚਾਨੀ ਨੇ ਵੀ ਵਿਧਾਇਕ ਵੱਲੋਂ ਲੋਕਾਂ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਪਹਿਲ ਦੀ ਸ਼ਲਾਘਾ ਕੀਤੀ।