ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ’ਚ ਸੰਵਿਧਾਨ ਦਿਵਸ ਮਨਾਇਆ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸੰਵਿਧਾਨ ਦਿਵਸ ਮਨਾਇਆ
Publish Date: Thu, 26 Nov 2026 04:42 PM (IST)
Updated Date: Thu, 26 Nov 2026 04:43 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਸੇਠੀ ਖੁਰਾਣਾ ਦੇ ਨਿਰਦੇਸ਼ਾਂ ਅਤੇ ਸਕੂਲ ਦੀ ਹੈੱਡ ਮਿਸਟ੍ਰੈਸ ਵੀਨਾ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਵੇਰ ਦੀ ਸਭਾ ਦੌਰਾਨ ਸਮਾਜਿਕ ਸਿੱਖਿਆ ਮਿਸਟ੍ਰੈੱਸ ਅਮਿਤਾ ਤਨੇਜਾ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ। ਕਿੰਪੀ ਬੱਤਰਾ ਨੇ ਸੰਵਿਧਾਨ ਦੇ ਨਿਰਮਾਣ ਦੇ ਇਤਿਹਾਸ ਅਤੇ ਸੰਵਿਧਾਨ ਸਭਾ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਸੀਨੀਅਰ ਅਧਿਆਪਕ ਰਾਜਿੰਦਰ ਸਿੰਘ ਚਾਨੀ ਨੇ ਪ੍ਰਸਤਾਵਨਾ ਦੇ ਚਾਰ ਮੁੱਖ ਸਿਧਾਂਤਾਂ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੀ ਮਹੱਤਤਾ ਸਮਝਾਈ ਅਤੇ ਵਿਦਿਆਰਥੀਆਂ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਰਾਇੰਗ, ਪੇਂਟਿੰਗ, ਭਾਸ਼ਣ, ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਜੇਤੂ ਵਿਦਿਆਰਥੀਆਂ ਨੂੰ ਹੈੱਡ ਮਿਸਟ੍ਰੈੱਸ ਵੀਨਾ ਅਰੋੜਾ ਨੇ ਅਧਿਆਪਕਾਂ ਨਾਲ ਮਿਲ ਕੇ ਇਨਾਮ ਵੰਡੇ। ਉਨ੍ਹਾਂ ਨੇ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਪਸੀ ਸਦਭਾਵਨਾ, ਸਮਾਨਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੰਵਿਧਾਨਕ ਚੇਤਨਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਪੈਦਾ ਕਰਨਾ ਸੀ।