ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਅੱਗੇ ਫੂਕੀਆਂ ਬਜ਼ਟ ਦੀਆਂ ਕਾਪੀਆਂ
ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ
Publish Date: Fri, 13 Mar 2026 03:50 PM (IST)
Updated Date: Sat, 14 Mar 2026 04:01 AM (IST)

ਪਾਵਰਕਾਮ ’ਚ ਰੈਗੂਲਰ ਕਰਨ ਦੀ ਕੀਤੀ ਮੰਗ ਕਿਹਾ-ਖਜ਼ਾਨਾ ਮੰਤਰੀ ਦੇ ਹਲਕੇ ’ਚ 22 ਤੋਂ ਕਰਾਂਗੇ ਝੰਡਾ ਮਾਰਚ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤਹਿਤ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਕਾਰਕੁਨਾਂ ਨੇ ਸਰਕਲ ਪ੍ਰਧਾਨ ਅਨੁਜ ਕੁਮਾਰ ਦੀ ਅਗਵਾਈ ਹੇਠ ਬਜ਼ਟ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਪਾਵਰਕਾਮ ਦੇ ਆਊਟਸੋਰਸ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਪ੍ਰਧਾਨ ਅਨੁਜ ਕੁਮਾਰ ਨੇ ਆਖਿਆ ਕਿ ਸੂਬੇ ਦੀ ਸਰਕਾਰ ਲੰਮੇ ਸਮੇਂ ਤੋਂ ਵੱਖ-ਵੱਖ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਅਧੀਨ ਸੇਵਾਵਾਂ ਨਿਭਾਅ ਰਹੇ ਕਾਮਿਆਂ ਨੂੰ ਰੈਗੂਲਰ ਕਰਨ ਸਬੰਧੀ ਟਾਲ-ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਆਮ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਦੀ ਸੂਰਤ ਵਿਚ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਵਿਭਾਗਾਂ ਵਿਚ ਰੈਗੂਲਰ ਕਰ ਦਿੱਤਾ ਜਾਵੇਗਾ ਲੇਕਿਨ ਚਾਰ ਸਾਲ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਆਊਟਸੋਰਸਡ ਇਨਲਿਸਟਮੈਂਟ ਨੂੰ ਵਿਭਾਗ ਵਿਚ ਲਿਆ ਕੇ ਰੈਗੂਲਰ ਕਰਨ, ਘੱਟੋ ਘੱਟ ਉਜਰਤ ਦੇ ਕਾਨੂੰਨ 1948 ਅਨੁਸਾਰ ਪੰਦਰਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰ ਕੇ ਤਨਖਾਹ ਨਿਸ਼ਚਿਤ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਅਸੂਲ ਅਤੇ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ। ਜਥੇਬੰਦੀ ਦੇ ਸਰਕਲ ਪ੍ਰਧਾਨ ਅਨੁੱਜ ਕੁਮਾਰ ਨੇ ਦੱਸਿਆ ਕਿ 22 ਮਾਰਚ ਤੋਂ ਦਿੜ੍ਹਬਾ ਹਲਕੇ ਵਿਚ ਝੰਡਾ ਮਾਰਚ ਕਰ ਕੇ ਮੁਲਾਜ਼ਮ ਮਸਲਿਆਂ ਦੇ ਹੱਲ ਲਈ ਬਣੀ ਸਬ-ਕਮੇਟੀ ਤੇ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿੜ੍ਹਬਾ ਵਿਚ 5 ਅਪ੍ਰੈਲ ਤੱਕ ਵੱਡੇ ਇਕੱਠ ਕਰਕੇ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ।