- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਟਰੈਕਟ ਅਧਿਆਪਕਾਂ ਵੱਲੋਂ ਵੀਸੀ ਦਫ਼ਤਰ ਨੂੰ ਜੜਿਆ ਪੱਕਾ ਤਾਲਾ

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਯੂਨੀਵਰਸਿਟੀ ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਵਜੋਂ ਅਧਿਆਪਕਾਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ ਗਿਆ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਡੀਨ ਅਤੇ ਰਜਿਸਟਰਾਰ ਸਮੇਤ ਹੋਰ ਅਧਿਕਾਰੀ ਅੰਦਰ ਹੀ ਮੌਜੂਦ ਸਨ, ਜੋ ਕਿ ਪ੍ਰਦਰਸ਼ਨਕਾਰੀਆਂ ਤੋਂ ਬਚਦੇ ਹੋਏ ਪਿਛਲੇ ਗੇਟ ਤੋਂ ਲੰਘ ਗਏ। ਕੰਟਰੈਕਟ ਅਧਿਆਪਕਾਂ ਨੇ ਦੱਸਿਆ ਕਿ ਹੁਣ ਇਹ ਤਾਲਾ ਉਨਾਂ ਦੀਆਂ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਖੋਲਿਆ ਜਾਵੇਗਾ। ਧਰਨੇ ਤੋਂ ਪਹਿਲਾਂ ਵਾਈਸ ਚਾਂਸਲਰ ਵੱਲੋਂ ਕੰਟਰੈਕਟ ਅਧਿਆਪਕਾਂ ਨਾਲ ਗੈਸਟ ਮੀਟਿੰਗ ਵੀ ਕੀਤੀ ਗਈ। ਪਰ ਤਸੱਲੀਬਖਸ਼ ਜਵਾਬ ਨਾ ਮਿਲਣ ’ਤੇ ਕੰਟਰੈਕਟ ਅਧਿਆਪਕ ਭੜਕ ਗਏ। ਇਸ ਤੋਂ ਬਾਅਦ ਕੰਟਰੈਕਟ ਅਧਿਆਪਕਾਂ ਵੱਲੋਂ ਵੀਸੀ ਦਫ਼ਤਰ ਦੇ ਅੰਦਰ ਜਾ ਕੇ ਮੁੱਖ ਦਫ਼ਤਰ ਨੂੰ ਤਾਲਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੁਰੱਖਿਆ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨ ਦੌਰਾਨ ਅਧਿਆਪਕਾਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਕਾਰ ਧੱਕਾ-ਮੁੱਕੀ ਹੋਣ ਦੀ ਵੀ ਜਾਣਕਾਰੀ ਮਿਲੀ। ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੀ ਮੌਕੇ ’ਤੇ ਪਹੁੰਚੇ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਨੂੰ ਆਪਣਾ ਮੰਗ ਪੱਤਰ ਸੌਂਪਿਆ ਗਿਆ ਅਤੇ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਤੇ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨਾਲ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਦਲਵੀਰ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਨ੍ਹਾਂ ਮੰਗਾਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰ ਅਸੋਸੀਏਸ਼ਨ ਦੇ ਜਨਰਲ ਸਕੱਤਰ ਰਮਨਪ੍ਰੀਤ ਸਿੰਘ ਨੇ ਕਿਹਾ ਕਿ ਮੀਟਿੰਗ ਦੌਰਾਨ ਅਧਿਆਪਕਾਂ ਨੂੰ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ ਸੀ, ਪਰ ਸਿੰਡੀਕੇਟ ਵਿਚ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਸਬੰਧੀ ਸਪੱਸ਼ਟ ਸਹਿਮਤੀ ਨਾ ਮਿਲਣ ਕਾਰਨ ਅਧਿਆਪਕਾਂ ਨੂੰ ਮੁੜ ਸੰਘਰਸ਼ ਕਰਨਾ ਪਿਆ। ਐਸੋਸੀਏਸ਼ਨ ਦੀ ਪ੍ਰਧਾਨ ਡਾ. ਤਰਨਜੀਤ ਕੌਰ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਲਟਕਾਉਣ ਦੀ ਬਜਾਏ ਅਦਾਲਤੀ ਹੁਕਮਾਂ ਅਤੇ ਸੰਬੰਧਿਤ ਨਿਯਮਾਂ ਅਨੁਸਾਰ ਮਸਲੇ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ’ਤੇ ਠੋਸ ਕਾਰਵਾਈ ਨਹੀਂ ਹੁੰਦੀ, ਅਧਿਆਪਕਾਂ ਦਾ ਸੰਘਰਸ਼ ਜਾਰੀ ਰਹੇਗਾ।