ਸੀਪੀਆਈ (ਐਮ) ਵੱਲੋਂ ਰੋਸ ਪ੍ਰਦਰਸ਼ਨ ਸੀਪੀਆਈ (ਐਮ) ਵੱਲੋਂ ਰੋਸ ਪ੍ਰਦਰਸ਼ਨ
Publish Date: Fri, 02 Oct 2026 04:53 PM (IST)
Updated Date: Fri, 02 Oct 2026 04:55 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਵਾਦੀ) ਦੀ ਤਹਿਸੀਲ ਇਕਾਈ ਤੇ ਕਿਸਾਨ ਆਗੂਆਂ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੀ ਕੋਠੀ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਪਟਿਆਲਾ ਸਕੱਤਰ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਤੇ ਸੂਬਾ ਕਮੇਟੀ ਮੈਂਬਰ ਕਾਮਰੇਡ ਧਰਮਪਾਲ ਸੀਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪ੍ਰਦਰਸ਼ਨ ਤੋਂ ਬਾਅਦ ਪਾਰਟੀ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਵਿਧਾਇਕਾ ਨੀਨਾ ਮਿੱਤਲ ਦੇ ਪੀਏ ਨੂੰ ਸੌਂਪਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਸਤਪਾਲ ਸਿੰਘ ਰਾਜੇਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਚਾਰ ਕਿਰਤ ਕੋਡ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਕਿਰਤ ਕਾਨੂੰਨਾਂ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਕਾਮਰੇਡ ਧਰਮਪਾਲ ਸੀਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਮਨਰੇਗਾ ਅਤੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਵੀ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਫਸਲਾਂ ਲਈ ਐੱਮਐੱਸਪੀ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ ਨੇ ਮੰਗ ਕੀਤੀ ਕਿ ਮਨਰੇਗਾ ਨੂੰ ਮਜ਼ਬੂਤ ਕਰਕੇ ਲਾਗੂ ਕੀਤਾ ਜਾਵੇ, ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਲਾਗੂ ਕੀਤੀ ਜਾਵੇ। ਉਨ੍ਹਾਂ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ, ਔਰਤਾਂ, ਵਿਧਵਾਵਾਂ ਅਤੇ ਦਿਵਿਆਂਗ ਵਿਅਕਤੀਆਂ ਲਈ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਾਨੂੰਨ ਬਣਾਉਣ, ਵੱਡੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਅਤੇ ਪੁਲਿਸ ਦੀ ਨਿਗਰਾਨੀ ਲਈ ਵਿਸ਼ੇਸ਼ ਏਜੰਸੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਗੁਰਦਰਸ਼ਨ ਸਿੰਘ ਖਾਸਪੁਰ, ਧਰਮਪਾਲ ਸੀਲ, ਮੋਹਨ ਸਿੰਘ ਸੋਢੀ, ਸਤਪਾਲ ਬਨੂੜ, ਜਤਿੰਦਰ ਸ਼ਰਮਾ, ਭੁਪਿੰਦਰ ਕੌਰ, ਸ਼ੁਕੀਨਾ, ਜਸਵੰਤ ਕੌਰ, ਸਾਵਿਤ੍ਰੀ, ਸੁਨੀਲ ਕੁਮਾਰ, ਪ੍ਰੀਤਮ ਸਿੰਘ, ਜਗੀਰ ਸਿੰਘ ਹੰਸਾਲਾ ਅਤੇ ਰਾਜਬੀਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।