ਭਾਰਤ ਭੂਸ਼ਣ ਗੋਇਲ, ਸਮਾਣਾ : ਸਪੈਸ਼ਲ ਟਾਸਕ ਫੋਰਸ ਪਟਿਆਲਾ ਦੀ ਟੀਮ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ 24 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਐੱਸਟੀਐੱਫ ਪਟਿਆਲਾ ਦੇ ਏਆਈਜੀ ਗੁਰਪ੍ਰਰੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਅਵਤਾਰ ਸਿੰਘ ਅਤੇ ਏਐੱਸਆਈ ਪਿਆਰਾ ਸਿੰਘ ਦੀ ਟੀਮ ਨੇ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸੰਗਰੂਰ ਰੋਡ ਸਥਿਤ ਪਿੰਡ ਦੁਗਾਲ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 24 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਉਸ ਨੂੰ ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ। ਨੌਜਵਾਨ ਦੀ ਪਛਾਣ ਅਰਜਨ ਸਿੰਘ ਨਿਵਾਸੀ ਬਾਬਾ ਪੀਰ ਸਿੰਘ ਬਸਤੀ ਦਿੜ੍ਹਬਾ (ਸੰਗਰੂਰ) ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਹੋਰ ਪੁੱਛਗਿਛ ਲਈ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।