ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਨੇ ਪੱਤਰ ਸਾੜੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਨੇ ਪੱਤਰ ਸਾੜੇ
Publish Date: Mon, 13 Jul 2026 06:03 PM (IST)
Updated Date: Tue, 14 Jul 2026 04:04 AM (IST)
15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਕੀਤਾ ਐਲਾਨ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਆਪਣੀਆਂ ਸੇਵਾਵਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਮਰਜ਼ ਕਰਕੇ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 43 ਦਿਨਾਂ ਤੋਂ ਹੜਤਾਲ ’ਤੇ ਬੈਠੇ ਨਰੇਗਾ ਮੁਲਾਜ਼ਮਾਂ ਨੇ ਸੋਮਵਾਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਭਵਾਨੀਗੜ੍ਹ ਵਿਖੇ ਪੰਜਾਬ ਸਰਕਾਰ ਤੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਕਥਿਤ ਮਾਰੂ ਪੱਤਰਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕੀਤਾ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ’ਚ ਵੱਡੀ ਗਿਣਤੀ ਵਿੱਚ ਨਰੇਗਾ ਮੇਟ ਵੀ ਸ਼ਾਮਲ ਹੋਏ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਅਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਸਤੋਜ ਨੇ ਕਿਹਾ ਕਿ ਨਰੇਗਾ ਮੁਲਾਜ਼ਮ ਪਿਛਲੇ 18 ਸਾਲਾਂ ਤੋਂ ਕੰਟਰੈਕਟ ਆਧਾਰ ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਹਰ ਸਰਕਾਰ ਨੇ ਉਨ੍ਹਾਂ ਨਾਲ ਸਿਰਫ਼ ਵਾਅਦੇ ਹੀ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਹੋਇਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਹੜਤਾਲ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਦੋਵੇਂ ਮੰਤਰੀ ਮੰਗਾਂ ਨੂੰ ਜਾਇਜ਼ ਮੰਨਦੇ ਹਨ, ਪਰ ਅਫ਼ਸਰਸ਼ਾਹੀ ਵੱਲੋਂ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ 7 ਜੁਲਾਈ ਦੀ ਉੱਚ ਪੱਧਰੀ ਮੀਟਿੰਗ ਵਿੱਚ ਵੀ ਮੁਲਾਜ਼ਮਾਂ ਨੂੰ ਸਿਰਫ਼ ਪੁਰਾਣੇ ਭਰੋਸੇ ਹੀ ਦਿੱਤੇ ਗਏ ਅਤੇ ਅਧਿਕਾਰੀ ਫ਼ਾਈਲ ਤਿਆਰ ਕਰਨ ਦਾ ਬਹਾਨਾ ਬਣਾਉਂਦੇ ਰਹੇ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿੱਚ 20 ਹਜ਼ਾਰ ਤੋਂ ਵੱਧ ਨਰੇਗਾ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਵੀ ਪਹੁੰਚ ਕੇ ਆਪਣੀਆਂ ਮੰਗਾਂ ਉਠਾਈਆਂ ਜਾਣਗੀਆਂ। ਇਸ ਮੌਕੇ ਵਿਕਰਮਜੀਤ ਸਿੰਘ, ਹਰਦੀਪ ਸਿੰਘ, ਸੁਖਜਿੰਦਰ ਪਾਲ ਸਿੰਘ, ਦਰਸ਼ਨ ਸਿੰਘ, ਰਣਵੀਰ ਸਿੰਘ, ਅਮਨਦੀਪ ਸਿੰਘ, ਜਸਪ੍ਰੀਤ ਕੌਰ, ਮਮਤਾ ਰਾਣੀ (ਮੇਟ), ਰੁਪਿੰਦਰ ਕੌਰ (ਮੇਟ), ਅਮਨਦੀਪ ਕੌਰ (ਮੇਟ), ਸੋਨੀਦੀਪ ਕੌਰ, ਚਰਨਜੀਤ ਕੌਰ ਹਾਜ਼ਰ ਸਨ।