ਦਾਮਨ ਬਾਜਵਾ ਸੇਵਾ ਕੇਂਦਰ ਮੁਲਾਜ਼ਮਾਂ ਦੇ ਹੱਕ ’ਚ ਡਟੇ
ਦਾਮਨ ਬਾਜਵਾ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਹੱਕ ’ਚ ਡਟੇ
Publish Date: Sat, 06 Jun 2026 03:53 PM (IST)
Updated Date: Sun, 07 Jun 2026 04:02 AM (IST)

ਕਿਹਾ- ਪੁਲਿਸ ਕੱਚੇ ਕਾਮਿਆਂ ਨਾਲ ਕਰ ਰਹੀ ਧੱਕਾਮੁੱਕੀ ਪੁਲਸੀਆ ਜ਼ਬਰ ਤੋਂ ਡਰਦੇ ਮੁਲਾਜ਼ਮ ਗਲੀਆਂ ਵਿੱਚ ਭੱਜੇ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਪੁਲਸੀਆ ਜ਼ਬਰ ਤੋਂ ਬਚਾਉਣ ਲਈ ਭਾਜਪਾ ਜਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ ਬਾਜਵਾ ਨੇ ਦ੍ਰਿੜਤਾ ਦਿਖਾਉਂਦਿਆਂ ਮੌਕੇ ਤੇ ਪਹੁੰਚਕੇ ਕੱਚੇ ਕਾਮਿਆਂ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਹੱਕ ਮੰਗਦੇ ਬੇਰੁਜ਼ਗਾਰਾਂ ਅਤੇ ਕੱਚੇ ਕਾਮਿਆਂ ਨੂੰ ਨਹੀਂ ਬਖਸ ਰਹੀ। ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਨੇਆਖਿਆ ਕਿ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਸੇਵਾ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਖਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਾ ਸੀ ਲੇਕਿਨ ਸੁਨਾਮ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਜ਼ਬਰ ਢਾਹੁਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਆਖਿਆ ਕਿ ਪੁਲਿਸ ਕਰਮਚਾਰੀਆਂ ਨੇ ਕੱਚੇ ਕਾਮਿਆਂ ਨਾਲ ਧੱਕਾ ਮੁੱਕੀ ਕਰਨੀ ਸ਼ੁਰੂ ਕਰ ਦਿੱਤੀ ਤਾਂ ਮੌਕੇ ਤੇ ਪਹੁੰਚਕੇ ਪੁਲਿਸ ਨੂੰ ਅਜਿਹਾ ਕਰਨ ਤੋਂ ਵਰਜਿਆ। ਪੁਲਿਸ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀ ਕੁੜੀਆਂ ਨੂੰ ਵੀ ਗਲੀਆਂ ਵਿੱਚ ਭਜਾਇਆ। ਉਨ੍ਹਾਂ ਆਖਿਆ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਫੋਨ ਕਰਕੇ ਦੱਸਿਆ ਕਿ ਪੁਲਿਸ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕ ਰਹੀ ਹੈ । ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਕਥਿਤ ਤੌਰ ਤੇ ਡਾਗਾਂ ਨਾਲ ਕੁੱਟਿਆ ਜਾ ਰਿਹਾ ਹੈ। ਜਦੋਂ ਮੌਕੇ ਤੇ ਪਹੁੰਚਕੇ ਦੇਖਿਆ ਤਾਂ ਕੁੜੀਆਂ ਨੂੰ ਵੀ ਗਲੀਆਂ ਵਿੱਚ ਭਜਾਇਆ ਜਾ ਰਿਹਾ ਸੀ। ਭਾਜਪਾ ਆਗੂ ਦਾਮਨ ਬਾਜਵਾ ਨੇ ਮੌਜੂਦਾ ਸਰਕਾਰ ਅਤੇ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਤੇ ਸਵਾਲ ਖੜ੍ਹੇ ਕਰਦਿਆਂ ਆਖਿਆ ਕਿ ਵਿਰੋਧੀ ਧਿਰ ਵਿੱਚ ਹੁੰਦਿਆਂ ਆਮ ਆਦਮੀ ਪਾਰਟੀ ਅਜਿਹੇ ਲੋਕਾਂ ਦੀਆਂ ਮੰਗਾਂ ਸਰਕਾਰ ਬਣਨ ਦੀ ਸੂਰਤ ਵਿੱਚ ਪੂਰੀਆਂ ਕਰਨ ਦਾ ਭਰੋਸਾ ਦਿਵਾਉਂਦੇ ਸੀ ਲੇਕਿਨ ਹੁਣ ਮੁਲਾਜ਼ਮਾਂ ਨੂੰ ਆਪਣੀ ਗੱਲ ਕਹਿਣ ਤੋਂ ਪੁਲਸੀਆ ਜ਼ਬਰ ਨਾਲ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਵੇ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸ਼ੰਕਰ ਬਾਂਸਲ, ਹਿੰਮਤ ਸਿੰਘ ਬਾਜਵਾ, ਅੰਮ੍ਰਿਤਪਾਲ ਸਿੰਘ ਭਾਊ, ਨਵਾਬ ਨਾਗਰਾ ਸਨ।