- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਸਕੂਲ ਪਟਿਆਲਾ ਵਿਖੇ ਮਿੱਟੀ ਅਤੇ ਜਲ ਸੰਭਾਲ ਸਬੰਧੀ ਜਾਗਰੂਕਤਾ ਦਾ ਆਯੋਜਨ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਡੀਏਵੀ ਪਬਲਿਕ ਸਕੂਲ ਪਟਿਆਲਾ ਦੇ ਈਕੋ ਕਲੱਬ ਵੱਲੋਂ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਿੱਟੀ ਤੇ ਪਾਣੀ ਦੀ ਸੰਭਾਲ ਵਿਸ਼ੇ ’ਤੇ ਇਕ ਜਾਗਰੂਕਤਾ ਸਰਗਰਮੀ ਕਰਵਾਈ ਗਈ। ਇਸ ਮੌਕੇ ਪਟਿਆਲਾ ਫਾਊਂਡੇਸ਼ਨ ਦੀ ਸਰੋਤ ਬੁਲਾਰੇ ਮਧੂ ਨੇ ਵਿਦਿਆਰਥੀਆਂ ਲਈ ਇਕ ਰੋਚਕ ਤੇ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿੱਟੀ ਤੇ ਪਾਣੀ ਦੀ ਸੰਭਾਲ ਦੇ ਮਹੱਤਵ, ਟਿਕਾਊ ਜੀਵਨ ਸ਼ੈਲੀ ਅਪਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਵਾਤਾਵਰਣ-ਅਨੁਕੂਲ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਇਹ ਸੈਸ਼ਨ ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਦੀ ਹਾਜ਼ਰੀ ਵਿਚ ਕਰਵਾਇਆ ਗਿਆ। ਉਨ੍ਹਾਂ ਨੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਾਡੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ ਸਾਡਾ ਸਾਂਝਾ ਫ਼ਰਜ਼ ਵੀ ਹੈ। ਉਨ੍ਹਾਂ ਨੇ ਮਿੱਟੀ ਤੇ ਪਾਣੀ ਨੂੰ ਜੀਵਨ ਦਾ ਆਧਾਰ ਦੱਸਦਿਆਂ ਪਾਣੀ ਦੀ ਬੱਚਤ ਕਰਨ, ਮਿੱਟੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਕੁਦਰਤੀ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਦੇ ਦੂਤ ਬਣ ਕੇ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਵੀ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ। ਈਕੋ ਕਲੱਬ ਦੀ ਇੰਚਾਰਜ ਮਧੂ ਖੰਨਾ ਨੇ ਇਸ ਗਤੀਵਿਧੀ ਦਾ ਸੰਚਾਲਨ ਕੀਤਾ ਅਤੇ ਵਾਤਾਵਰਣ ਦੀ ਸੰਭਾਲ ਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਨੌਜਵਾਨ ਪੀੜ੍ਹੀ ਦੀ ਮਹੱਤਵਪੂਰਨ ਭੂਮਿਕਾ ਬਾਰੇ ਚਾਨਣਾ ਪਾਇਆ। ਇਸ ਰਾਹੀਂ ਇਹ ਸੰਦੇਸ਼ ਹੋਰ ਮਜ਼ਬੂਤ ਹੋਇਆ ਕਿ ਅੱਜ ਮਿੱਟੀ ਅਤੇ ਪਾਣੀ ਦੀ ਸੰਭਾਲ ਹੀ ਕੱਲ੍ਹ ਦੇ ਹਰਿਆ-ਭਰਿਆ, ਸਿਹਤਮੰਦ ਤੇ ਸੁਰੱਖਿਅਤ ਭਵਿੱਖ ਦੀ ਨੀਂਹ ਹੈ।