ਡੀਸੀ ਵੱਲੋਂ ਸਮਾਣਾ ਦੇ ਪਿੰਡਾਂ 'ਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਡੀਸੀ ਹਿਮਾਂਸ਼ੂ ਜੈਨ ਵੱਲੋਂ ਸਮਾਣਾ ਦੇ ਪਿੰਡਾਂ 'ਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ
Publish Date: Sun, 22 Nov 2026 05:09 PM (IST)
Updated Date: Sun, 22 Nov 2026 05:10 PM (IST)
ਭਾਰਤ ਭੂਸ਼•ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੱਦੇਨਜ਼ਰ ਸਮਾਣਾ ਦੇ ਪਿੰਡ ਚੌਂਹਠ,ਅਸਰਪੁਰ ਤੇ ਲਾਲਗੜ੍ਹ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿਚ ਐਕਸ-ਸੀਟੂ ਵਿਧੀ ਰਾਹੀਂ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਮੌਜੂਦ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਵੱਖ-ਵੱਖ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਪਿੰਡ ਲਾਲਗੜ੍ਹ ਵਿਖੇ ਇਨ-ਸੀਟੂ ਵਿਧੀ ਰਾਹੀਂ ਕੀਤੀ ਜਾ ਰਹੀ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਇਸ ਵਿਧੀ ਦੇ ਲਾਭਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਦਿਆਂ ਕਣਕ ਦੀ ਬਿਜਾਈ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਿਸਾਨਾਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿੱਚ ਹੀ ਮਿਲਾਉਣ ਨੂੰ ਤਰਜੀਹ ਦੇਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਕੁਮਾਰ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਪਾਲ ਸਿੰਘ ਚੱਠਾ, ਜਗਦੀਪ ਸਿੰਘ, ਸਰਪੰਚ ਅੰਮ੍ਰਿਤ ਕੌਰ, ਗੁਰਪ੍ਰਤਾਪ ਸਿੰਘ, ਅੰਮ੍ਰਿਤਪਾਲ ਸਿੰਘ, ਅਜਮੇਰ ਸਿੰਘ, ਅਸ਼ੋਕੀ ਰਾਮ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ, ਨਿਸ਼ਾਂਤ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।