- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀ ਸੀ. ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਈਜ਼ੀ ਰਾਈਟਿੰਗ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰੇਕ ਯੋਗ ਨਾਗਰਿਕ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਨੈਤਿਕ ਵੋਟਿੰਗ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਪੜਾਅ ’ਚ 11 ਅਤੇ 12 ਨਵੰਬਰ ਨੂੰ ਸੰਸਥਾ ਪੱਧਰੀ ਮੁਕਾਬਲੇ ਕਰਵਾਏ ਗਏ, ਜਦਕਿ 16 ਅਤੇ 17 ਨਵੰਬਰ ਨੂੰ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲੇ ਹੋਏ। ਇਨ੍ਹਾਂ ਵਿੱਚੋਂ ਚੁਣੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ। ਨਤੀਜਾ 20 ਨਵੰਬਰ ਨੂੰ ਐਲਾਨਿਆ ਜਾਵੇਗਾ। ਪਹਿਲੀਆਂ 10 ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਮੈਰਿਟ ਸਰਟੀਫਿਕੇਟ ਅਤੇ ਬਾਕੀ ਭਾਗੀਦਾਰਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ, ਚੋਣ ਤਹਿਸੀਲਦਾਰ ਵਿਜੈ ਕੁਮਾਰ, ਡਾ. ਸਵਿੰਦਰ ਸਿੰਘ, ਪ੍ਰਿੰਸੀਪਲ ਸਕਿੰਦਰ ਕੌਰ ਬਰਾੜ ਅਤੇ ਮੋਹਿਤ ਕੌਸ਼ਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ।