ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ
ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ
Publish Date: Tue, 21 Apr 2026 03:48 PM (IST)
Updated Date: Tue, 21 Apr 2026 03:52 PM (IST)

ਸੀਨੀਅਰ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਜ਼ਿਲ੍ਹੇ ਵਿਚ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੌਰਾਨ 62 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਿਨੋਦ ਸਿੰਗਲਾ ਅਤੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਚੇਅਰਮੈਨ, ਏਡੀਸੀਜ਼ ਐੱਸਡੀਐੱਮਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਵਰਗ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ ਆਈਆਂ 216 ਸ਼ਿਕਾਇਤਾਂ ’ਚੋਂ 131 ਖੁੱਲ੍ਹੀਆਂ ਮੰਨੀਆਂ ਗਈਆਂ ਸਨ, ਜਿਨ੍ਹਾਂ ’ਚੋਂ ਅੱਜ 62 ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਗਿਆ ਜਦਕਿ 5 ਮਾਮਲਿਆਂ ’ਤੇ ਕਾਰਵਾਈ ਜਾਰੀ ਹੈ ਅਤੇ 16 ਨੂੰ ਸੰਬੰਧਤ ਵਿਭਾਗਾਂ ਕੋਲ ਭੇਜਿਆ ਗਿਆ ਹੈ। ਡੀਸੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸੰਜੀਵ ਗੁਪਤਾ, ਵਿਨੋਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਧਮੌਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਗੰਭੀਰ ਹੈ ਅਤੇ ਇਸੇ ਉਦੇਸ਼ ਨਾਲ ਵਿਧਾਨ ਸਭਾ ਪੱਧਰ ’ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜੋ ਸਮੱਸਿਆਵਾਂ ਨੂੰ ਸੁਣ ਕੇ ਤੇਜ਼ੀ ਨਾਲ ਹੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਂਦੇ ਹੋਏ ਹਰ ਸ਼ਿਕਾਇਤ ਦਾ ਸਮਾਂਬੱਧ ਨਿਪਟਾਰਾ ਕਰਨਾ ਹੈ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲਈ ਸਿੱਧਾ ਕਮਿਸ਼ਨ ਨਾਲ ਸੰਪਰਕ ਕਰਨ। ਮੀਟਿੰਗ ਵਿਚ ਟ੍ਰੇਡ ਕਮਿਸ਼ਨ ਦੇ ਮੈਂਬਰ ਚਰਨਜੀਤ ਸਿੰਘ ਐਸ.ਕੇ, ਰਾਜਪੁਰਾ ਤੋਂ ਟਿੰਕੂ ਬਾਂਸਲ, ਪਟਿਆਲਾ ਸ਼ਹਿਰੀ ਤੋਂ ਪੁਨੀਤ ਬੁਧੀਰਾਜਾ, ਸਮਾਣਾ ਤੋਂ ਰਜੇਸ਼ ਛਾਬੜਾ, ਸਹਾਇਕ ਐਕਸਾਈਜ਼ ਕਮਿਸ਼ਨਰ ਗੁਰਸਿਮਰਨ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰਜ਼, ਸਿਮਰਪ੍ਰੀਤ ਕੌਰ, ਨਵਰੀਤ ਕੌਰ ਸੇਖੋਂ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਐਸਡੀਐਮਜ਼ ਰਿਚਾ ਗੋਇਲ, ਨਮਨ ਮਰਕਨ ਅਤੇ ਵੱਖ-ਵੱਖ ਹਲਕਿਆਂ ਦੇ ਟਰੇਡਰ ਕਮਿਸ਼ਨ ਮੈਂਬਰਾਂ ਅਤੇ ਹੋਰ ਅਧਿਕਾਰੀਆਂ ਮੌਜੂਦ ਸਨ।