ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜਾ
Publish Date: Tue, 24 Mar 2026 04:29 PM (IST)
Updated Date: Tue, 24 Mar 2026 04:32 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਸਮੇਤ ਲੇਬਰ ਤੇ ਜ਼ਿਲ੍ਹੇ ਦੀਆਂ ਮੰਡੀਆਂ ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਰੇ ਇਕ ਅਹਿਮ ਮੀਟਿੰਗ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਸਮੂਹ ਐੱਸਡੀਐੱਮਜ਼, ਖਰੀਦ ਏਜੰਸੀਆਂ, ਆੜ੍ਹਤੀਆਂ, ਟਰਾਂਸਪੋਰਟ ਤੇ ਲੇਬਰ ਠੇਕੇਦਾਰਾਂ ਨਾਲ ਬੈਠਕ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਮੌਜੂਦਾ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਖਰੀਦ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੁਚੱਜੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਖੇਤੀ ਪੰਜਾਬ ਦੀ ਰੀਡ ਦੀ ਹੱਡੀ ਹੈ ਅਤੇ ਫ਼ਸਲ ਦੀ ਖਰੀਦ ਦੀ ਵੱਡੀ ਜਿੰਮੇਵਾਰੀ ਸਾਡੇ ਮੋਢਿਆਂ ਤੇ ਹੈ, ਜਿਸ ਨੂੰ ਨਿਰਵਿਘਨ ਪੂਰਾ ਕਰਦਿਆਂ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਜ਼ਿੰਮੇਵਾਰੀ ਨਾਲ ਇਸ ਪ੍ਰਕ੍ਰਿਆ ਨੂੰ ਨੇਪਰੇ ਚੜ੍ਹਾਏਗਾ ਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਰੂਪ ਨਾਲ ਚਲਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਦੀਆਂ 108 ਮੰਡੀਆਂ ਅਲਾਟ ਕੀਤੀਆਂ ਗਈਆਂ ਹਨ ਤੇ 89 ਆਰਜੀ ਫੜ ਵੀ ਬਣਾਏ ਜਾਣਗੇ, ਪਿਛਲੇ ਸੀਜਨ ਦੌਰਾਨ ਖਰੀਦ ਏਜੰਸੀਆਂ ਨੇ 9.21 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਸੀ। ਜਦੋਂਕਿ ਇਸ ਵਾਰ 9 ਲੱਖ 13 ਹਜ਼ਾਰ 516 ਮੀਟ੍ਰਿਕ ਟਨ ਕਣਕ ਮੰਡੀਆਂ ਚ ਆਉਣ ਦੀ ਸੰਭਾਵਨਾ ਹੈ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸਾਰੀਆਂ ਮੰਡੀਆਂ ਵਿਖੇ ਲੇਬਰ, ਕਾਰਟੇਜ, ਢੋਆ ਢੁਆਈ ਦੇ ਕੀਤੇ ਜਾ ਰਹੇ ਪ੍ਰਬੰਧ ਮੁਕੰਮਲ ਅੰਤਮ ਪੜਾਅ ਚ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ। ਬੈਠਕ ਦੌਰਾਨ ਐੱਸਡੀਐੱਮ ਰਾਜਪੁਰਾ ਨਮਨ ਮਾਰਕੰਨ, ਐਸ.ਡੀ.ਐਮ ਸਮਾਣਾ ਰਿਚਾ ਗੋਇਲ, ਐਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਤੇ ਐਸ.ਡੀ.ਐਮ. ਨਾਭਾ ਏ.ਪੀ.ਐਸ ਸੋਮਲ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਦੇਵਿੰਦਰ ਸਿੰਘ ਬੈਦਵਾਨ, ਜਨਰਲ ਸਕੱਤਰ ਦੀਪਕ ਡਕਾਲਾ, ਪਟਿਆਲਾ ਮੰਡੀ ਦੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ ਸਮੇਤ ਬਾਕੀ ਮੰਡੀਆਂ ਦੇ ਪ੍ਰਧਾਨ ਤੇ ਟਰਾਂਸਪੋਰਟ ਅਤੇ ਲੇਬਰ ਦੇ ਠੇਕੇਦਾਰ ਵੀ ਮੌਜੂਦ ਸਨ।