- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਤਾਵਰਣ ਸੁਧਾਰਾਂ ਲਈ ਸਾਰੇ ਵਿਭਾਗ ਇਕਜੁੱਟ ਹੋ ਕੇ ਕੰਮ ਕਰਨਗੇ :ਡੀਸੀ

ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਅਤੇ ਪ੍ਰਿੰਸੀਪਲ ਬੈਂਚ ਦੇ ਜੱਜ ਡਾ. ਅਫ਼ਰੋਜ਼ ਅਹਿਮਦ ਨੇ ਪਟਿਆਲਾ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ ਕੀਤੀ। ਇਸ ਮੌਕੇ ਪਟਿਆਲਾ ਨੂੰ ਸਾਫ਼ ਤੇ ਹਰਾ-ਭਰਾ ਬਣਾਉਣ ਲਈ ਠੋਸ ਵਾਤਾਵਰਣ ਕਦਮ ਚੁੱਕਣ ’ਤੇ ਜ਼ੋਰ ਦਿੰਦਿਆਂ ਐੱਨਜੀਟੀ ਮੈਂਬਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਕੀਤੇ ਫ਼ੈਸਲਿਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ, ਐੱਸਐੱਸਪੀ ਵਰੁਣ ਸ਼ਰਮਾ, ਐੱਸਪੀ ਵੈਭਵ ਚੌਧਰੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਡਾ. ਲਵਨੀਤ ਦੂਬੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਾ. ਅਫ਼ਰੋਜ਼ ਅਹਿਮਦ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਵਾਤਾਵਰਣ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਕੇ ਪਟਿਆਲਾ ਜ਼ਿਲ੍ਹੇ ਨੂੰ ਸਾਫ਼, ਹਰਿਆ-ਭਰਿਆ ਅਤੇ ਵਾਤਾਵਰਣ-ਮਿਤਰ ਬਣਾਇਆ ਜਾਵੇ। ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐੱਨਜੀਟੀ ਦੇ ਹੁਕਮਾਂ ਦੀ ਪਾਲਣਾ ਵਿੱਚ ਕੀਤੀ ਗਈ ਪ੍ਰਗਤੀ ਦੀ ਸ਼ਲਾਘਾ ਕੀਤੀ। ਡਾ. ਅਫ਼ਰੋਜ਼ ਅਹਿਮਦ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਮੰਤਵ ਐੱਨਜੀਟੀ ਦੇ ਹੁਕਮਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਜਿਲ੍ਹਾ ਵਾਤਾਵਰਣ ਯੋਜਨਾ ਦੀ ਤਿਆਰੀ, ਉਸ ਦੀ ਕਾਰਗੁਜ਼ਾਰੀ ਅਤੇ ਵੱਖ-ਵੱਖ ਵਾਤਾਵਰਣੀ ਮਾਪਦੰਡਾਂ ਦੀ ਪਾਲਣਾ ਦੀ ਵਿਸਥਾਰਪੂਰਵਕ ਸਮੀਖਿਆ ਕਰਨਾ ਹੈ।