ਕੈਂਸਰ ਦੇ ਵਧਦੇ ਖ਼ਦਸ਼ਿਆਂ ਨੂੰ ਲੈ ਕੇ ਡੀਸੀ ਵੱਲੋਂ ਸਰਵੇ ਦੇ ਹੁਕਮ ਕੈਂਸਰ ਦੇ ਵਧਦੇ ਖ਼ਦਸ਼ਿਆਂ ਨੂੰ ਲੈ ਕੇ ਡੀਸੀ ਵੱਲੋਂ ਸਰਵੇ ਦੇ ਹੁਕਮ
Publish Date: Wed, 11 Nov 2026 03:52 PM (IST)
Updated Date: Thu, 12 Nov 2026 04:00 AM (IST)
ਜਹਾਂਗੀਰ ਨੇੜਲੇ ਪਿੰਡਾਂ ਵਿੱਚ ਕੈਂਸਰ, ਟੀਬੀ, ਦਮਾ ਤੇ ਸਾਹ ਦੀਆਂ ਬਿਮਾਰੀਆਂ ਦੀ ਹੋਵੇਗੀ ਜਾਂਚ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ/ਸ਼ੇਰਪੁਰ : ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਚਰਚਾ ਤੇ ਲੋਕਾਂ ਦੇ ਵਿਰੋਧ ਦਾ ਕੇਂਦਰ ਬਣੀ ਹਾਰਪ ਕੈਮੀਕਲ ਪ੍ਰਾਈਵੇਟ ਲਿਮਟਿਡ ਫੈਕਟਰੀ, ਜਹਾਂਗੀਰ ਦੇ ਵਿਰੋਧ ਵਿੱਚ ਰੋਹ ਇੱਕ ਵਾਰ ਥੰਮ ਗਿਆ ਹੈ। ਜਦੋਂ ਕਿ ਦੂਜੇ ਪਾਸੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਹਤ ਸਬੰਧੀ ਖ਼ਦਸ਼ਿਆਂ ਦੀ ਜਾਂਚ ਲਈ ਸਰਵੇਖਣ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਫੈਕਟਰੀ ਦੇ ਆਲੇ-ਦੁਆਲੇ ਵੱਸਦੇ ਪਿੰਡਾਂ ਵਿੱਚ ਕੈਂਸਰ, ਟੀਬੀ, ਦਮਾ ਅਤੇ ਸਾਹ ਦੀਆਂ ਹੋਰ ਬਿਮਾਰੀਆਂ ਦੇ ਮਾਮਲਿਆਂ ਸਬੰਧੀ ਸਿਹਤ ਵਿਭਾਗ ਤੋਂ ਵਿਸ਼ੇਸ਼ ਸਰਵੇਖਣ ਕਰਵਾ ਕੇ ਰਿਪੋਰਟ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਵੱਲੋਂ ਪਿਛਲੇ ਦਿਨੀਂ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਇਸ ਖੇਤਰ ਵਿੱਚ ਪ੍ਰਦੂਸ਼ਣ ਅਤੇ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਦੌਰਾਨ ਸਬੰਧਤ ਪਿੰਡਾਂ ਵਿੱਚ ਕੈਂਸਰ, ਟੀਬੀ ਅਤੇ ਸਾਹ ਦੀਆਂ ਬਿਮਾਰੀਆਂ ਦੇ ਮਾਮਲਿਆਂ ਦਾ ਵੇਰਵਾ ਇਕੱਠਾ ਕਰਨ ਅਤੇ ਉਨ੍ਹਾਂ ਦੀ ਸਥਿਤੀ ਦਾ ਪਤਾ ਲਗਾਉਣ ਲਈ ਲੋੜੀਂਦੇ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਹਾਰਪ ਕੈਮੀਕਲ ਫੈਕਟਰੀ ਦੇ ਬਾਹਰ ਇਲਾਕੇ ਦੇ ਲੋਕਾਂ ਵੱਲੋਂ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਕਰੀਬ ਦੋ ਮਹੀਨੇ ਪੱਕਾ ਮੋਰਚਾ ਲਗਾਇਆ ਗਿਆ ਸੀ। ਧਰਨਾਕਾਰੀਆਂ ਦਾ ਦੋਸ਼ ਸੀ ਕਿ ਫੈਕਟਰੀ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਅਤੇ ਕਥਿਤ ਤੌਰ ’ਤੇ ਗੰਦੇ ਪਾਣੀ ਦੇ ਧਰਤੀ ਵਿੱਚ ਨਿਕਾਸ ਕਾਰਨ ਆਲੇ-ਦੁਆਲੇ ਦੇ ਪਿੰਡਾਂ ਦਾ ਵਾਤਾਵਰਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਵੱਲੋਂ ਇਲਾਕੇ ਵਿੱਚ ਕੈਂਸਰ, ਟੀਬੀ ਅਤੇ ਸਾਹ ਦੀਆਂ ਬਿਮਾਰੀਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ ਜਾਂਦੀ ਰਹੀ ਹੈ। ਭਾਵੇਂ ਪ੍ਰਸ਼ਾਸਨ ਵੱਲੋਂ ਫੈਕਟਰੀ ਅੱਗੇ ਲੱਗਾ ਧਰਨਾ ਇੱਕ ਵਾਰ ਸਮਾਪਿਤ ਕਰਵਾ ਦਿੱਤਾ ਗਿਆ ਸੀ, ਪਰ ਇਲਾਕਾ ਨਿਵਾਸੀਆਂ ਵਿੱਚ ਪ੍ਰਦੂਸ਼ਣ ਸਬੰਧੀ ਚਿੰਤਾ ਅਜੇ ਵੀ ਬਰਕਰਾਰ ਹੈ। ਸੂਤਰਾਂ ਅਨੁਸਾਰ ਫੈਕਟਰੀ ਅੱਗੇ ਮੁੜ ਧਰਨਾ ਲਗਾਉਣ ਦੀਆਂ ਕਨਸੋਹਾ ਵੀ ਸਾਹਮਣੇ ਆ ਰਹੀਆਂ ਹਨ। ਇਸ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਸੰਗਰੂਰ ਦੇ ਐਕਸੀਅਨ ਨਾਲ ਪੱਖ ਜਾਣਨ ਲਈ ਕਈ ਵਾਰ ਫੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਆਪਣਾ ਫੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ। ਸਿਹਤ ਵਿਭਾਗ ਨੂੰ ਜਲਦ ਰਿਪੋਰਟ ਦੇਣ ਦੀਆਂ ਹਦਾਇਤਾਂ : ਡੀਸੀ ਇਸ ਮਾਮਲੇ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਆਈਏਐੱਸ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਜਹਾਂਗੀਰ ਦੇ ਨੇੜਲੇ ਪਿੰਡਾਂ ਵਿੱਚ ਵਿਸ਼ੇਸ਼ ਸਰਵੇਖਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਇਲਾਕੇ ਵਿੱਚ ਲੋਕਾਂ ਦੀ ਸਿਹਤ ਨਾਲ ਸਬੰਧਤ ਸਥਿਤੀ ਦਾ ਪਤਾ ਲਗਾਇਆ ਜਾ ਸਕੇ। ਸਿਰਫ਼ ਸਰਵੇ ਨਹੀਂ, ਪਿੰਡਾਂ ’ਚ ਲੱਗਣ ਜਾਂਚ ਕੈਂਪ : ਟਿੱਬਾ ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ ਨੇ ਪ੍ਰਸ਼ਾਸਨ ਵੱਲੋਂ ਸਰਵੇ ਕਰਵਾਉਣ ਦਾ ਫੈਸਲਾ ਚੰਗੀ ਗੱਲ ਹੈ ਪਰੰਤੂ ਇਹ ਕਦਮ ਪਹਿਲਾਂ ਹੀ ਚੁੱਕਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਪ੍ਰਦੂਸ਼ਣ ਤੇ ਇਸ ਦੇ ਸੰਭਾਵੀ ਸਿਹਤ ਪ੍ਰਭਾਵਾਂ ਬਾਰੇ ਚਿੰਤਾ ਜ਼ਾਹਰ ਕਰਦੇ ਆ ਰਹੇ ਹਨ। ਇਸ ਲਈ ਸਿਰਫ਼ ਬਿਮਾਰੀਆਂ ਦਾ ਅੰਕੜਾ ਇਕੱਠਾ ਕਰਨਾ ਹੀ ਕਾਫ਼ੀ ਨਹੀਂ, ਸਗੋਂ ਪ੍ਰਭਾਵਿਤ ਪਿੰਡਾਂ ਵਿੱਚ ਮਾਹਿਰ ਡਾਕਟਰਾਂ ਦੀਆਂ ਟੀਮਾਂ ਭੇਜ ਕੇ ਕੈਂਸਰ, ਟੀਬੀ ਅਤੇ ਸਾਹ ਦੀਆਂ ਬਿਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾਣੇ ਚਾਹੀਦੇ ਹਨ।