ਡੀਸੀ ਵੱਲੋਂ ਜ਼ਿਲ੍ਹੇ ’ਚ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ
ਡੀਸੀ ਵੱਲੋਂ ਜ਼ਿਲ੍ਹੇ ’ਚ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ
Publish Date: Tue, 21 Apr 2026 05:51 PM (IST)
Updated Date: Wed, 22 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀਸੀ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦੌਰਾਨ ਡੀਸੀ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਲੋਕਾਂ ਲਈ ਸ਼ੁਰੂ ਕੀਤੀਆਂ ਸਕੀਮਾਂ ਦੇ ਲਾਭ ਹਰੇਕ ਪੱਧਰ ਤੱਕ ਸਮੇਂ ਸਿਰ ਪਹੁੰਚਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਰੰਗਲਾ ਪੰਜਾਬ ਵਿਕਾਸ ਸਕੀਮ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਦੇ ਪਹਿਲੇ ਪੜਾਅ ਤਹਿਤ ਵਿਕਾਸ ਕਾਰਜਾਂ ਲਈ ਹਰੇਕ ਵਿਧਾਨ ਸਭਾ ਹਲਕੇ ਲਈ 2.5 ਕਰੋੜ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਸਿਰਫ਼ ਪਿੰਡਾਂ ਦਾ ਸੁੰਦਰੀਕਰਨ ਹੀ ਨਹੀਂ, ਸਗੋਂ ਬੁਨਿਆਦੀ ਸਹੂਲਤਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਖੁਦ ਮੌਕੇ ’ਤੇ ਜਾ ਕੇ ਕੰਮਾਂ ਦੀ ਨਿਗਰਾਨੀ ਕਰਨ ਅਤੇ ਜਾਰੀ ਕੀਤੇ ਗਏ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਪੈਂਡਿੰਗ ਦਸਤਾਵੇਜ਼ਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਲੋੜੀਂਦੇ ਰਿਕਾਰਡ ਸਮੇਂ ਸਿਰ ਅਪਡੇਟ ਕੀਤੇ ਜਾਣ ਅਤੇ ਪ੍ਰਾਜੈਕਟਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਐੱਮਪੀ ਲੈਂਡ ਸਕੀਮ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਕਿਸੇ ਵੀ ਪ੍ਰੋਜੈਕਟ ਵਿੱਚ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਦੀ ਗੁਣਵੱਤਾ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਬਿਨਾਂ ਦੇਰੀ ਜਮ੍ਹਾਂ ਕਰਵਾਏ ਜਾਣ, ਜਦਕਿ ਜਿਹੜੇ ਕੰਮ ਅਜੇ ਤੱਕ ਪੂਰੇ ਨਹੀਂ ਹੋਏ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਖੋਜ ਅਫ਼ਸਰ ਗੁਰਵਿੰਦਰ ਕੌਰ, ਬੀਡੀਪੀਓ ਬਬਲਜੀਤ ਕੌਰ, ਬੀਡੀਪੀਓ ਜਸਮਿੰਦਰ ਸਿੰਘ, ਐਕਸ਼ੀਅਨ (ਪੀਐਸਪੀਸੀਐਲ) ਇੰਜੀ ਹਰਵਿੰਦਰ ਸਿੰਘ ਹਾਜ਼ਰ ਸਨ।