ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਨੇ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ
Publish Date: Wed, 11 Nov 2026 07:39 PM (IST)
Updated Date: Thu, 12 Nov 2026 04:03 AM (IST)
ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਦੇ ਅਹੁਦੇਦਾਰਾਂ ਦੇ ਵਫ਼ਦ ਨੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਕੈਮਿਸਟਾਂ ਅਤੇ ਦਵਾਈਆਂ ਦੇ ਕਾਰੋਬਾਰ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੀਐੱਸ ਚਾਵਲਾ ਸਮੇਤ ਹੋਰ ਅਹੁਦੇਦਾਰ ਵੀ ਮੌਜੂਦ ਸਨ। ਮੀਟਿੰਗ ਵਿੱਚ ਡਰੱਗ ਵਿਭਾਗ ਦੇ ਜੁਆਇੰਟ ਕਮਿਸ਼ਨਰ ਸੰਜੀਵ ਗਗਨ, ਅਸਿਸਟੈਂਟ ਕਮਿਸ਼ਨਰ ਗੁਰਵਿੰਦਰ ਸਿੰਘ ਅਤੇ ਅਮਿਤ ਦੁੱਗਲ ਨੇ ਵੀ ਹਿੱਸਾ ਲਿਆ।ਕਰੀਬ 3 ਘੰਟੇ ਚੱਲੀ ਇਸ ਮੀਟਿੰਗ ਵਿੱਚ ਸੁਰਜੀਤ ਦੁੱਗਲ,ਜੀਐਸ ਚਾਵਲਾ ,ਰਾਜੀਵ ਜੈਨ ,ਆਰਪੀ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਐਸੋਸੀਏਸ਼ਨ ਵੱਲੋਂ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕੈਮਿਸਟਾਂ ਨੂੰ ਆਪਣੇ ਰੋਜ਼ਾਨਾ ਕਾਰੋਬਾਰ ਦੌਰਾਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਦੇ ਹੱਲ ਲਈ ਕੁੱਲ ਦਸ ਪ੍ਰਮੁੱਖ ਮੁੱਦੇ ਉਠਾਏ ਗਏ। ਵਫ਼ਦ ਨੇ ਮੰਗ ਕੀਤੀ ਕਿ ਨਵੀਂ ਡਰੱਗ ਪਾਲਿਸੀ ਕੈਮਿਸਟ ਐਸੋਸੀਏਸ਼ਨ ਨਾਲ ਵਿਚਾਰ-ਵਟਾਂਦਰਾ ਕਰਕੇ ਜਲਦੀ ਲਾਗੂ ਕੀਤੀ ਜਾਵੇ। ਦਵਾਈਆਂ ਦੀ ਜਾਂਚ ਅਤੇ ਛਾਪੇਮਾਰੀ ਦੌਰਾਨ ਬੇਲੋੜੀ ਪੁਲਿਸ ਦਖ਼ਲਅੰਦਾਜ਼ੀ ਤੋਂ ਗੁਰੇਜ਼ ਕੀਤਾ ਜਾਵੇ ਅਤੇ ਡਰੱਗ ਵਿਭਾਗ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਜਾਂਚ ਦੌਰਾਨ ਛੋਟੀਆਂ-ਮੋਟੀਆਂ ਗਲਤੀਆਂ ਲਈ ਕੈਮਿਸਟਾਂ ਵਿਰੁੱਧ ਸਿੱਧੇ ਅਪਰਾਧਿਕ ਮਾਮਲੇ ਦਰਜ ਕਰਨ ਦੀ ਬਜਾਏ ਵਿਭਾਗੀ ਕਾਰਵਾਈ ਨੂੰ ਤਰਜੀਹ ਦਿੱਤੀ ਜਾਵੇ। ਵਫ਼ਦ ਨੇ ਗੁਆਂਢੀ ਸੂਬਿਆਂ ਤੋਂ ਪੰਜਾਬ ਵਿੱਚ ਆ ਰਹੀਆਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਰੋਕਣ, ਆਨਲਾਈਨ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਹਸਪਤਾਲਾਂ ਨੂੰ ਕੰਪਨੀਆਂ ਵੱਲੋਂ ਸਿੱਧੀ ਸਪਲਾਈ ਕੀਤੀਆਂ ਜਾ ਰਹੀਆਂ ਦਵਾਈਆਂ ਦੇ ਮਾਮਲੇ ਨੂੰ ਵੀ ਨਿਯਮਾਂ ਅਨੁਸਾਰ ਨਿਯੰਤਰਿਤ ਕਰਨ ਦੀ ਮੰਗ ਰੱਖੀ। ਇਸ ਤੋਂ ਇਲਾਵਾ ਆਨਲਾਈਨ ਨੈਸ਼ਨਲ ਡਰੱਗ ਲਾਇਸੈਂਸਿੰਗ ਸਿਸਟਮ ’ਚ ਮੌਜੂਦ ਤਕਨੀਕੀ ਖਾਮੀਆਂ ਦੂਰ ਹੋਣ ਤੱਕ ਇਸ ਨੂੰ ਲਾਗੂ ਨਾ ਕਰਨ, ਸਾਰੇ ਕੈਮਿਸਟਾਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਣ ਅਤੇ ਉਨ੍ਹਾਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਾਰਵਾਈ ਬੰਦ ਕਰਨ ਦੀ ਮੰਗ ਕੀਤੀ ਗਈ। ਵਫ਼ਦ ਨੇ ਦਵਾਈਆਂ ਦੀ ਖਰੀਦ-ਵੇਚ ਦੇ ਰਿਕਾਰਡ, ਬਿੱਲਾਂ ਅਤੇ ਰਜਿਸਟਰਾਂ ਸਬੰਧੀ ਨਿਯਮਾਂ ਨੂੰ ਸਪੱਸ਼ਟ ਕਰਨ ਅਤੇ ਸਰਕਾਰੀ ਹਸਪਤਾਲਾਂ ਤੇ ਸਰਕਾਰੀ ਸਟੋਰਾਂ ਵਿੱਚ ਦਵਾਈਆਂ ਦੀ ਵਿਕਰੀ ਅਤੇ ਸਪਲਾਈ ਦੀ ਵੀ ਢੁੱਕਵੀਂ ਜਾਂਚ ਯਕੀਨੀ ਬਣਾਉਣ ਦੀ ਗੱਲ ਕਹੀ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੈਮਿਸਟ ਸਿਹਤ ਸੇਵਾਵਾਂ ਦਾ ਅਹਿਮ ਹਿੱਸਾ ਹਨ ਅਤੇ ਦਵਾਈਆਂ ਦੀ ਸੁਰੱਖਿਅਤ ਤੇ ਨਿਯਮਬੱਧ ਵਿਕਰੀ ਲਈ ਸਰਕਾਰ ਅਤੇ ਕੈਮਿਸਟ ਜਥੇਬੰਦੀਆਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਜ਼ਰੂਰੀ ਹੈ। ਉਨ੍ਹਾਂ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਉਠਾਏ ਗਏ ਮਸਲਿਆਂ ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕੈਮਿਸਟ ਭਾਈਚਾਰੇ ਨੂੰ. ਦਰਪੇਸ਼ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ।