ਬੇਮੌਸਮੀ ਬਰਸਾਤ ਨਾਲ ਤਬਾਹ ਫਸਲਾਂ ਲਈ ਮੁਆਵਜ਼ੇ ਦੀ ਮੰਗ
ਬੇਮੌਸਮੀ ਬਰਸਾਤ ਨਾਲ ਤਬਾਹ ਫਸਲਾਂ ਲਈ ਮੁਆਵਜ਼ੇ ਦੀ ਮੰਗ
Publish Date: Tue, 07 Apr 2026 05:40 PM (IST)
Updated Date: Wed, 08 Apr 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਦਲਵੀਰ ਸਿੰਘ ਸਿੱਧੂਪੁਰ ਵੱਲੋਂ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਕਿਸਾਨਾਂ ਨੇ ਬੇਮੌਸਮੀ ਬਰਸਾਤ ਅਤੇ ਗੜੇ ਮਾਰੀ ਕਾਰਨ ਹੋਏ ਵੱਡੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ। ਯੂਨੀਅਨ ਨੇ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਫਸਲਾਂ ਖਰਾਬ ਹੋਣ ਕਾਰਨ ਕਿਸਾਨ ਆਰਥਿਕ ਤੌਰ ਤੇ ਬਹੁਤ ਪ੍ਰਭਾਵਿਤ ਹੋਏ ਹਨ। ਇਸ ਲਈ ਸਰਕਾਰ ਨੂੰ ਕਿਸਾਨਾਂ ਦੀ ਮਦਦ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਮੰਗ ਪੱਤਰ ਵਿੱਚ ਜਬਰਦਸਤੀ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੇ ਫੈਸਲੇ ਦਾ ਵੀ ਵਿਰੋਧ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੀਟਰ ਖਪਤਕਾਰ ਦੀ ਮਰਜ਼ੀ ਨਾਲ ਹੀ ਲਗਾਏ ਜਾਣੇ ਚਾਹੀਦੇ ਹਨ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ 10 ਸਾਲਾਂ ਤੋਂ ਰੁਕੇ ਮੋਟਰ ਕਨੈਕਸ਼ਨ ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਕਿਸਾਨ ਪਹਿਲਾਂ ਹੀ ਪ੍ਰਤੀ ਕਿਲੋਵਾਟ 2000 ਰੁਪਏ ਬਿਜਲੀ ਵਿਭਾਗ ਦੇ ਖਾਤੇ ਵਿੱਚ ਜਮ੍ਹਾਂ ਕਰਵਾ ਚੁੱਕੇ ਹਨ, ਪਰ ਫਿਰ ਵੀ ਕਨੈਕਸ਼ਨ ਨਹੀਂ ਦਿੱਤੇ ਗਏ। ਮੰਗ ਪੱਤਰ ਵਿੱਚ ਦੋ ਸਾਲ ਪਹਿਲਾਂ ਮਾਰਕਫੈੱਡ ਵੱਲੋਂ ਕੋਆਪਰੇਟਿਵ ਸੋਸਾਇਟੀਆਂ ਰਾਹੀਂ ਦਿੱਤੀ ਗਈ ਡੀਏਪੀ ਖਾਦ ਨੂੰ ਨਕਲੀ ਦੱਸਦੇ ਹੋਏ ਕਿਹਾ ਗਿਆ ਕਿ ਉਸਦੇ ਸੈਂਪਲ ਫੇਲ ਹੋ ਚੁੱਕੇ ਸਨ। ਇਸ ਕਾਰਨ ਕਈ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਯੂਨੀਅਨ ਨੇ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਖਾਦ ਦੇ ਪੈਸੇ ਵਾਪਸ ਕਰਨ ਦੇ ਨਾਲ ਨਾਲ ਮੁਆਵਜ਼ਾ ਵੀ ਦਿੱਤਾ ਜਾਵੇ। ਇਸ ਤੋਂ ਇਲਾਵਾ, ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਉੱਤੇ ਚੜ੍ਹੇ ਕਰਜ਼ੇ ਨੂੰ ਮਾਫ ਕਰਨ ਦੀ ਵੀ ਮੰਗ ਕੀਤੀ ਗਈ। ਇਹ ਮੰਗ ਪੱਤਰ ਜ਼ਿਲ੍ਹਾ ਸੰਗਰੂਰ ਦੇ ਤਿੰਨ ਬਲਾਕਾਂ ਦੇ ਆਗੂਆਂ ਵੱਲੋਂ ਇਕੱਠੇ ਹੋ ਕੇ ਡੀਸੀ ਨੂੰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਮੀਤ ਪ੍ਰਧਾਨ ਸੁਖਦੇਵ ਸਿੰਘ ਲੇਹਲ ਕਲਾਂ, ਖਜ਼ਾਨਚੀ ਕਸ਼ਮੀਰ ਸਿੰਘ ਕਾਕੜਾ, ਜਨਰਲ ਸਕੱਤਰ ਗੁਰਤੇਜ ਸਿੰਘ ਡਸਕਾ, ਬਲਾਕ ਦਿੜਬਾ ਦੇ ਪ੍ਰਧਾਨ ਸੁਖਚੈਨ ਸਿੰਘ ਸਾਦੀ ਹਰੀ, ਲਹਿਰਾ ਗਾਗਾ ਬਲਾਕ ਦੇ ਪ੍ਰਧਾਨ ਗੁਰਲਾਲ ਸਿੰਘ ਜਲੂਰ, ਭਵਾਨੀਗੜ੍ਹ ਬਲਾਕ ਦੇ ਪ੍ਰਧਾਨ ਕਰਨੈਲ ਸਿੰਘ ਕਾਕੜਾ ਹਾਜ਼ਰ ਸਨ।