- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ, ਸੰਯੁਕਤ ਕਿਸਾਨ ਮੋਰਚੇ ਵੱਲੋਂ ਪਟਿਆਲਾ ਵਿੱਚ ਰੈਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ’ਤੇ ਪੰਜਾਬ ਚੈਪਟਰ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਭਰਵੀਂ ਕਿਸਾਨ ਰੈਲੀ ਕੀਤੀ ਗਈ। ਇਸ ਵਿੱਚ ਮਾਲਵੇ ਦੇ ਸੱਤ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮੁਹਾਲੀ, ਲੁਧਿਆਣਾ, ਰੋਪੜ, ਫ਼ਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਤੋਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਰੈਲੀ ਵਿੱਚ 15 ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ। ਇਹ ਰੈਲੀ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਸਬੰਧਿਤ ਮੰਗਾਂ ਲਾਗੂ ਨਾ ਕਰਨ ਲਈ ਘੇਰਿਆ। ਉਨ੍ਹਾਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ, ਪੰਜਾਬ ਦੇ ਪਾਣੀਆਂ ਨਾਲ ਸਬੰਧਤ ਮਸਲਿਆਂ ਅਤੇ ਸਹਿਕਾਰੀ ਸੰਸਥਾਵਾਂ ਦੇ ਕਰਜ਼ਿਆਂ ਲਈ ਇਕਮੁਸ਼ਤ ਨਿਪਟਾਰਾ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਭਾਅ ਵਿੱਚ ਕੀਤੇ 15 ਰੁਪਏ ਦੇ ਵਾਧੇ ਨੂੰ ਨਾਕਾਫ਼ੀ ਕਰਾਰ ਦਿੰਦਿਆਂ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਇਕ ਖਿੜਕੀ ਇਕ ਭੁਗਤਾਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਰੈਲੀ ਦੀ ਪ੍ਰਧਾਨਗੀ ਜਗਮੋਹਨ ਸਿੰਘ, ਜਰਨੈਲ ਸਿੰਘ ਜਹਾਂਗੀਰ, ਮਨਜੀਤ ਸਿੰਘ ਧਨੇਰ ਅਤੇ ਹੋਰ ਕਿਸਾਨ ਆਗੂਆਂ ਨੇ ਕੀਤੀ। ਇਸ ਮੌਕੇ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਮੀਤ ਸਿੰਘ ਭੱਟੀਵਾਲ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਕਿਸਾਨੀ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।