ਆਵਾਰਾ ਕੁੱਤਿਆਂ ਦੇ ਖ਼ਤਰੇ ਤੋਂ ਨਿਜਾਤ ਦਿਵਾਈ ਜਾਵੇ ਆਵਾਰਾ ਕੁੱਤਿਆਂ ਦੇ ਵੱਧਦੇ ਖ਼ਤਰੇ ਤੋਂ ਨਿਜਾਤ ਦਿਵਾਉਣ ਦੀ ਉੱਠੀ ਮੰਗ
Publish Date: Sun, 19 Jul 2026 06:57 PM (IST)
Updated Date: Sun, 19 Jul 2026 06:58 PM (IST)
ਕੁੱਤਿਆਂ ਨੂੰ ਸ਼ੈਲਟਰ ਹੋਮ ਵਿੱਚ ਭੇਜਣ ਦੀ ਕੀਤੀ ਅਪੀਲ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਆਵਾਰਾ ਕੁੱਤਿਆਂ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ਾਮ ਢਲਦੇ ਹੀ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਬੱਚਿਆਂ, ਬਜ਼ੁਰਗਾਂ, ਔਰਤਾਂ ਤੇ ਰਾਹਗੀਰਾਂ ਤੇ ਹੋ ਰਹੇ ਹਮਲਿਆਂ ਕਾਰਨ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਇਸ ਸਬੰਧੀ ਵੱਖ-ਵੱਖ ਸਮਾਜਿਕ ਤੇ ਕਿਸਾਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਮਲੇਰਕੋਟਲਾ ਦੇ ਹਲਕਾ ਇੰਚਾਰਜ ਜਾਹਿਦਾ ਸੁਲੇਮਾਨ ਨੇ ਕਿਹਾ ਕਿ ਮਾਲੇਰਕੋਟਲਾ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਹਰ ਰੋਜ਼ ਕੁੱਤਿਆਂ ਦੇ ਹਮਲਿਆਂ ਵਿੱਚ ਲੋਕ ਜ਼ਖ਼ਮੀ ਹੋ ਰਹੇ ਹਨ ਤੇ ਪਸ਼ੂਆਂ ਦਾ ਵੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਸਮੱਸਿਆ ਦੇ ਪੱਕੇ ਹੱਲ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਲਸੋਈ ਨੇ ਕਿਹਾ ਕਿ ਆਵਾਰਾ ਕੁੱਤਿਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਮਾਪੇ ਆਪਣੇ ਬੱਚਿਆਂ ਨੂੰ ਇਕੱਲਿਆਂ ਸਕੂਲ ਭੇਜਣ ਤੋਂ ਡਰਦੇ ਹਨ, ਜਦਕਿ ਬਜ਼ੁਰਗਾਂ ਲਈ ਸਵੇਰੇ-ਸ਼ਾਮ ਸੈਰ ਕਰਨੀ ਵੀ ਔਖੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਸ਼ਹਿਰਾਂ ਦੀਆਂ ਸੜਕਾਂ, ਸਕੂਲਾਂ, ਪਾਰਕਾਂ ਤੇ ਹੋਰ ਜਨਤਕ ਥਾਵਾਂ ਤੇ ਆਵਾਰਾ ਕੁੱਤਿਆਂ ਦੇ ਝੁੰਡ ਆਮ ਲੋਕਾਂ ਲਈ ਵੱਡੀ ਮੁਸੀਬਤ ਬਣੇ ਹੋਏ ਹਨ, ਪਰ ਪ੍ਰਸ਼ਾਸਨ ਇਸ ਸਮੱਸਿਆ ਪ੍ਰਤੀ ਗੰਭੀਰ ਨਹੀਂ ਦਿਖਾਈ ਦੇ ਰਿਹਾ। ਕਿਸਾਨ ਆਗੂ ਰਵਿੰਦਰ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਮੇਂ-ਸਮੇਂ ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਵੀ ਸਰਕਾਰਾਂ ਤੇ ਸਬੰਧਤ ਵਿਭਾਗ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਲੋਕ ਆਵਾਰਾ ਕੁੱਤਿਆਂ ਦਾ ਸ਼ਿਕਾਰ ਹੋ ਰਹੇ ਹਨ, ਅਜਿਹੇ ਵਿੱਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਸੀਨੀਅਰ ਆਗੂ ਬਿੱਟੂ ਚੌਹਾਨ ਮਾਲੇਰਕੋਟਲਾ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਵਿਸ਼ੇਸ਼ ਮੁਹਿੰਮ ਚਲਾ ਕੇ ਆਵਾਰਾ ਕੁੱਤਿਆਂ ਨੂੰ ਫੜੇ, ਉਨ੍ਹਾਂ ਨੂੰ ਸ਼ੈਲਟਰ ਹੋਮ ਵਿੱਚ ਭੇਜੇ ਤੇ ਨਸਬੰਦੀ ਤੇ ਟੀਕਾਕਰਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇ। ਨਾਲ ਹੀ ਕੁੱਤਿਆਂ ਦੇ ਹਮਲਿਆਂ ਦੇ ਪੀੜਤਾਂ ਨੂੰ ਯੋਗ ਮੁਆਵਜ਼ਾ, ਮੁਫ਼ਤ ਇਲਾਜ ਤੇ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇ।