ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕਰਨ ਲਈ ਆਟੋ ਰਿਕਸ਼ਾ ਰਵਾਨਾ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕਰਨ ਲਈ ਆਟੋ ਰਿਕਸ਼ਾ ਰਵਾਨਾ
Publish Date: Mon, 24 Aug 2026 06:19 PM (IST)
Updated Date: Mon, 24 Aug 2026 06:21 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਤਹਿਤ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹੇ ਭਰ ’ਚ ਡੇਂਗੂ ਤੇ ਵਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਾਗਰੂਕਤਾ ਫੈਲਾਉਣ ਲਈ ਅੱਜ ਆਟੋ ਰਿਕਸ਼ਾ ਰਵਾਨਾ ਕੀਤੇ ਗਏ। ਬਰਸਾਤੀ ਸੀਜਨ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਡੇਂਗੂ ਸਰਵੇ ਟੀਮਾਂ ਵੱਲੋਂ ਅੱਜ ਜ਼ਿਲ੍ਹੇ ਅਧੀਨ ਆਉਂਦੀਆਂ ਨਰਸਰੀਆਂ, ਸਰਕਾਰੀ ਸਕੂਲਾਂ ਤੇ ਘਰਾਂ ਵਿਚ ਜਾ ਕੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ। ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਚ ਡੇਂਗੂ ਤੋਂ ਸਾਵਧਾਨ ਰਹੋ ਅਤੇ ਘਰਾਂ ਦੇ ਆਸਪਾਸ ਕਿਸੇ ਵੀ ਥਾਂ ਤੇ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਫਰਿਜ਼ਾਂ ਦੀਆਂ ਟਰੇਆਂ, ਗਮਲਿਆਂ, ਟੁੱਟੇ-ਫੁੱਟੇ ਬਰਤਨਾਂ, ਕੂਲਰਾਂ, ਪਾਣੀ ਦੀਆਂ ਟੈਕੀਆਂ ਆਦਿ ਨੂੰ ਚੈੱਕ ਕੀਤਾ ਜਾਵੇ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹੇ ਵਿਚ 20674 ਥਾਵਾਂ ਤੇ ਡੇਂਗੂ ਲਾਰਵੇ ਦੀ ਸ਼ਨਾਖਤ ਕੀਤੀ ਗਈ। ਇਸ ਦੌਰਾਨ 116 ਥਾਵਾਂ ’ਤੇ ਡੇਂਗੂ ਦਾ ਲਾਰਵਾ ਮਿਲੀਆਂ, ਜਿਸ ਨੂੰ ਟੀਮਾਂ ਵੱਲੋਂ ਨਸ਼ਟ ਕੀਤਾ ਗਿਆ। ਹੁਣ ਤੱਕ ਕੁੱਲ 761152 ਥਾਂਵਾ ਤੇ ਸਨਾਖਤ ਕੀਤੀ ਗਈ ਅਤੇ 5038 ਥਾਂਵਾ ’ਤੇ ਲਾਰਵਾ ਮਿਲਿਆ। ਹੁਣ ਤੱਕ ਜ਼ਿਲ੍ਹੇ ਵਿਚ ਕੁੱਲ 22 ਕੇਸ ਰਿਪੋਰਟ ਹੋਏ ਹਨ। ਇਸ ਤੋਂ ਇਲਾਵਾ ਐਂਟੀ ਲਾਰਵਾ ਟੀਮਾ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜ਼ਰ ਸ਼ੱਕੀ ਥਾਵਾਂ ਤੇ ਫੋਗਿੰਗ ਵੀ ਕੀਤੀ ਗਈ।