ਭਾਖੜਾ ਨਹਿਰ ਦਾ ਪੁਲ ਟੁੱਟਣ ਮਗਰੋਂ ਪ੍ਰਸ਼ਾਸਨ ਹਰਕਤ 'ਚ, ਮੌਕੇ ’ਤੇ ਪੁੱਜੇ ਡਿਪਟੀ ਕਮਿਸ਼ਨਰ; NHAI ਅਧਿਕਾਰੀਆਂ ਤੋਂ ਸ਼ਾਮ ਤੱਕ ਮੰਗੀ ਸਖ਼ਤ ਰਿਪੋਰਟ ਭਾਖੜਾ ਨਹਿਰ 'ਤੇ ਬਣੇ ਪੁਲ ਦੇ ਅਚਾਨਕ ਟੁੱਟ ਜਾਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਖੁਦ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਤੇ ਸੁਰੱਖਿਆ ਕਾਰਜਾਂ ਦਾ ਨਿਰੀਖਣ ਕੀਤਾ।
Publish Date: Thu, 19 Nov 2026 11:47 AM (IST)
Updated Date: Thu, 19 Nov 2026 11:48 AM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ - ਭਾਖੜਾ ਨਹਿਰ 'ਤੇ ਬਣੇ ਪੁਲ ਦੇ ਅਚਾਨਕ ਟੁੱਟ ਜਾਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਖੁਦ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਤੇ ਸੁਰੱਖਿਆ ਕਾਰਜਾਂ ਦਾ ਨਿਰੀਖਣ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਵਧਾਨੀ ਵਜੋਂ ਨਹਿਰ ਵਿੱਚ ਪਾਣੀ ਦਾ ਪੱਧਰ ਘਟਾ ਦਿੱਤਾ ਗਿਆ ਹੈ, ਤਾਂ ਜੋ ਨਹਿਰ ਦੇ ਕੰਢਿਆਂ ਨੂੰ ਕੋਈ ਨੁਕਸਾਨ ਨਾ ਪਹੁੰਚੇ ਅਤੇ ਕਿਸੇ ਵੀ ਤਰ੍ਹਾਂ ਦੇ ਹੋਰ ਹਾਦਸੇ ਜਾਂ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਇਲਾਕੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।
ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਡੀ.ਸੀ. ਨੇ ਦੱਸਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਦੀ ਮੁੱਢਲੀ ਰਿਪੋਰਟ ਅਨੁਸਾਰ, ਪੁਲ ਦੇ ਵਿਚਕਾਰ ਇੱਕ ਟਰੱਕ ਖਰਾਬ ਹੋਣ ਕਾਰਨ ਰੁਕ ਗਿਆ ਸੀ। ਇਸੇ ਦੌਰਾਨ ਉਸ ਦੇ ਪਿੱਛੇ ਆ ਰਹੇ ਦੋ ਹੋਰ ਟਰੱਕ ਵੀ ਪੁਲ 'ਤੇ ਹੀ ਖੜ੍ਹੇ ਹੋ ਗਏ। ਇਹ ਤਿੰਨੋਂ ਟਰੱਕ ਰੇਤੇ ਨਾਲ ਭਰੇ ਹੋਏ ਸਨ। ਮੁੱਢਲੇ ਤੌਰ 'ਤੇ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇੱਕੋ ਸਮੇਂ ਇੰਨਾ ਜ਼ਿਆਦਾ ਭਾਰ ਹੋਣ ਕਾਰਨ ਪੁਲ ਇਸ ਬੋਝ ਨੂੰ ਝੱਲ ਨਹੀਂ ਸਕਿਆ ਅਤੇ ਟੁੱਟ ਕੇ ਹੇਠਾਂ ਡਿੱਗ ਗਿਆ।
ਇੱਕ ਸਵਾਲ ਦੇ ਜਵਾਬ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪੁਲ ਦੇ ਭਾਰ ਝੱਲਣ ਦੀ ਅਸਲ ਸਮਰੱਥਾ ਕਿੰਨੀ ਸੀ ਅਤੇ ਇਸ ਹਾਦਸੇ ਪਿੱਛੇ ਅਸਲ ਤਕਨੀਕੀ ਕਾਰਨ ਕੀ ਰਹੇ ਹਨ, ਇਸ ਸਬੰਧੀ ਐਨ.ਐਚ.ਏ.ਆਈ. ਤੋਂ ਵਿਸਥਾਰਤ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਥਾਰਟੀ ਵੱਲੋਂ ਸ਼ਾਮ ਤੱਕ ਸਾਰੀ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।