ਧੂਰੀ 'ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ
ਧੂਰੀ 'ਚ 2.20 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜਾਰੀ
Publish Date: Sun, 18 Jan 2026 05:58 PM (IST)
Updated Date: Mon, 19 Jan 2026 04:09 AM (IST)

35 ਲੱਖ ਰੁਪਏ ਨਾਲ ਪਿੰਡ ਚ ਪੰਜ ਪਾਰਕ ਬਣਾਏ ਜਾਣਗੇ : ਸਰਪੰਚ ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਪਿੰਡ ਕੱਕੜਵਾਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਭਗ 2.20 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦੇਸ਼ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਵਾਸੀਆਂ ਨੂੰ ਸਾਫ਼, ਸੁਚੱਜਾ ਅਤੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੱਕੜਵਾਲ ਤੋਂ ਕਹੇਰੂ ਨੂੰ ਜੋੜਨ ਵਾਲੀ ਲਗਭਗ 2.20 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 1.23 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ, ਜਿਸ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਆਲੇ-ਦੁਆਲੇ ਦੇ ਪਿੰਡਾਂ ਨਾਲ ਬਿਹਤਰ ਪਹੁੰਚ ਬਣੇਗੀ। ਉਨ੍ਹਾਂ ਦੱਸਿਆ ਪਿੰਡ ਵਿੱਚ 16.50 ਲੱਖ ਰੁਪਏ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਗੰਦੇ ਪਾਣੀ ਦੀ ਸੁਚੱਜੀ ਨਿਕਾਸੀ ਯਕੀਨੀ ਬਣੇਗੀ, ਸਫ਼ਾਈ ਪ੍ਰਬੰਧ ਸੁਧਰਣਗੇ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਵਿੱਚ ਕਮੀ ਆਵੇਗੀ। ਉਨ੍ਹਾਂ ਦੱਸਿਆ ਕਿ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪੰਜ ਪਾਰਕ ਤਿਆਰ ਕੀਤੇ ਜਾਣਗੇ, ਜੋ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਲਈ ਮਨੋਰੰਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਗੇ। ਇਸ ਦੇ ਨਾਲ ਹੀ 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਆਧੁਨਿਕ ਲਾਇਬਰੇਰੀ ਦਾ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੜ੍ਹਾਈ ਅਤੇ ਗਿਆਨ ਵਧਾਉਣ ਲਈ ਸਹੀ ਮਾਹੌਲ ਮਿਲ ਸਕੇ। ਪਿੰਡ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ 10 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਥਾਨਾਂ ’ਤੇ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।