- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸਵੇਰੇ ਸਵਾ ਨੌਂ ਵਜੇ ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕੈਂਪਸ ਦੇ ਵੱਖ-ਵੱਖ ਵਿਭਾਗਾਂ, ਹੋਸਟਲਾਂ ਤੇ ਪ੍ਰਮੁੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ 4:30 ਵਜੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਸੰਪੰਨ ਹੋਇਆ। ਇਸ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਦਫ਼ਤਰ ਵਿਖੇ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਨਾਲ ਸਵਾਗਤ ਕੀਤਾ। ਇਸ ਤੋਂ ਪਹਿਲਾਂ ਢਾਡੀ ਜਥਿਆਂ ਨੇ ਗੁਰ-ਇਤਿਹਾਸ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ ’ਤੇ ਢਾਡੀ ਜਥਿਆਂ ਨੇ ਗੁਰਮਤਿ ਵਿਚਾਰਾਂ ਅਤੇ ਬੀਰ-ਰਸੀ ਵਾਰਾਂ ਪੇਸ਼ ਕੀਤੀਆਂ। ਇਸ ਦੇ ਨਾਲ ਹੀ ਗੱਤਕਾ ਪਾਰਟੀਆਂ ਨੇ ਸਿੱਖ ਸ਼ਸਤਰ ਕਲਾ ਦੇ ਸ਼ਾਨਦਾਰ ਜੌਹਰ ਦਿਖਾਏ। ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ, ਕਰਮਚਾਰੀਆਂ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ।