- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਵਰੇਜ ਪਾਉਣ ਮਗਰੋਂ ਸੜਕਾਂ ਨਾ ਬਣਾਉਣ ’ਤੇ ਧਰਮਸੋਤ ਨੇ ਸਰਕਾਰ ਨੂੰ ਘੇਰਿਆ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਨਾਭਾ ਸ਼ਹਿਰ ਵਿਚ ਸੀਵਰੇਜ ਪਾਉਣ ਲਈ ਪੁੱਟੀਆਂ ਗਈਆਂ ਸੜਕਾਂ ਦੀ ਮੁੜ ਉਸਾਰੀ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ਵਿਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਅਲਹੌਰਾਂ ਗੇਟ ਵਿਖੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਦੁਲੱਦੀ ਗੇਟ ਚੁੰਗੀ ਤੋਂ ਅਲਹੌਰਾਂ ਗੇਟ ਤੱਕ ਸੜਕਾਂ ਦੀ ਮੁਰੰਮਤ ਜਲਦੀ ਕਰਵਾਈ ਜਾਵੇ। ਸਾਧੂ ਸਿੰਘ ਧਰਮਸੋਤ ਨੇ ਦੋਸ਼ ਲਾਇਆ ਕਿ ਪਿਛਲੇ ਕਈ ਮਹੀਨਿਆਂ ਤੋਂ ਸੜਕਾਂ ਦੀ ਉਸਾਰੀ ਨਾ ਹੋਣ ਕਾਰਨ ਇਲਾਕੇ ਵਿਚ ਧੂੜ ਅਤੇ ਚਿੱਕੜ ਦੀ ਸਮੱਸਿਆ ਬਣੀ ਹੋਈ ਹੈ। ਇਸ ਨਾਲ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੌਰਾਨ ਸੜਕਾਂ ’ਤੇ ਪਏ ਟੋਇਆਂ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਸੜਕਾਂ ਦੀ ਮਾੜੀ ਹਾਲਤ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਧਰਮਸੋਤ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਲੇਰਕੋਟਲਾ ਚੁੰਗੀ ਤੋਂ ਦੁਲੱਦੀ ਗੇਟ ਅਤੇ ਅਲਹੌਰਾਂ ਗੇਟ ਤੋਂ ਮੜਖਾਨਾ ਰੋਡ ਤੱਕ ਇੰਟਰਲਾਕ ਟਾਈਲਾਂ ਵਾਲੀਆਂ ਸੜਕਾਂ ਬਣਾਈਆਂ ਗਈਆਂ ਸਨ, ਪਰ ਸੀਵਰੇਜ ਪਾਉਣ ਲਈ ਇਨ੍ਹਾਂ ਨੂੰ ਪੁੱਟਣ ਮਗਰੋਂ ਮੁੜ ਨਹੀਂ ਬਣਾਇਆ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸੰਭਾਲਣ ਵਿਚ ਵੀ ਨਾਕਾਮ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ 20 ਦਿਨਾਂ ਅੰਦਰ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਦੁਕਾਨਦਾਰਾਂ, ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਹਰੀ ਕ੍ਰਿਸ਼ਨ ਸੇਠ, ਜੀਐੱਸ ਭੱਟੀ, ਯੂਥ ਕਾਂਗਰਸ ਦੇ ਸੂਬਾ ਉਪ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ, ਬਲਾਕ ਸ਼ਹਿਰੀ ਪ੍ਰਧਾਨ ਵਿਵੇਕ ਸਿੰਗਲਾ ਅਤੇ ਹੋਰ ਕਾਂਗਰਸੀ ਆਗੂ, ਵਰਕਰ ਤੇ ਦੁਕਾਨਦਾਰ ਹਾਜ਼ਰ ਸਨ।