ਡੀਆਈਜੀ ਕਮਾਂਡੋ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਡੀਆਈਜੀ ਕਮਾਂਡੋ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ
Publish Date: Thu, 06 Aug 2026 05:04 PM (IST)
Updated Date: Fri, 07 Aug 2026 04:02 AM (IST)
15 ਅਗਸਤ ਤੱਕ ਪੂਰੀ ਮੁਸਤੈਦੀ ਦੇ ਨਿਰਦੇਸ਼ ਸੱਤਪਾਲ ਸਿੰਘ ਕਾਲਾਬੂਲਾ/ਰਹਿਮਾਨ, ਪੰਜਾਬੀ ਜਾਗਰਣ, ਮਾਲੇਰਕੋਟਲਾ ਆਜ਼ਾਦੀ ਦਿਵਸ ਸਮਾਗਮਾਂ ਨੂੰ ਅਮਨ-ਅਮਾਨ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਨੇ ਜ਼ਿਲ੍ਹਾ ਮਾਲੇਰਕੋਟਲਾ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਇਸੇ ਤਹਿਤ ਡੀਆਈਜੀ ਕਮਾਂਡੋ ਪੰਜਾਬ ਗੁਰਪ੍ਰੀਤ ਸਿੰਘ ਨੇ ਮੰਗਲਵਾਰ ਨੂੰ ਮਾਲੇਰਕੋਟਲਾ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਪਹੁੰਚਣ ’ਤੇ ਸੀਨੀਅਰ ਪੁਲਿਸ ਕਪਤਾਨ ਗੁਰਮੀਤ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ, ਜਦਕਿ ਪੁਲਿਸ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ। ਇਸ ਉਪਰੰਤ ਡੀਆਈਜੀ ਕਮਾਂਡੋ ਨੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਪੱਖ ਤੋਂ ਪੂਰੀ ਚੌਕਸੀ ਯਕੀਨੀ ਬਣਾਈ ਜਾਵੇ। ਮੀਟਿੰਗ ਤੋਂ ਬਾਅਦ ਡੀਆਈਜੀ.ਗੁਰਪ੍ਰੀਤ ਸਿੰਘ ਨੇ ਜ਼ਾਕਿਰ ਹੁਸੈਨ ਸਟੇਡੀਅਮ ਦਾ ਦੌਰਾ ਕਰਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਉਨ੍ਹਾਂ ਸਮਾਗਮ ਸਥਾਨ ਦੇ ਵੱਖ-ਵੱਖ ਪੁਆਇੰਟਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਤੋਂ ਬਾਅਦ ਉਨ੍ਹਾਂ ਮਾਲੇਰਕੋਟਲਾ ਰੇਲਵੇ ਸਟੇਸ਼ਨ ਦਾ ਨਿਰੀਖਣ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਮੂਹ ਪੁਲਿਸ ਫੋਰਸ ਨੂੰ 15 ਅਗਸਤ ਤੱਕ ਪੂਰੀ ਤਰ੍ਹਾਂ ਮੁਸਤੈਦ ਰਹਿਣ, ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਤੇ ਹਰ ਵੇਲੇ ਡਿਊਟੀ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਸੀਨੀਅਰ ਪੁਲਿਸ ਕਪਤਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਵੱਖ-ਵੱਖ ਥਾਵਾਂ ਤੇ ਲਗਾਤਾਰ ਛਾਪੇਮਾਰੀ, ਸ਼ਾਮ ਅਤੇ ਰਾਤ ਸਮੇਂ ਸਖ਼ਤ ਨਾਕਾਬੰਦੀ, ਵਾਹਨਾਂ ਦੀ ਚੈਕਿੰਗ ਅਤੇ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੰਜਾਬ ਪੁਲਿਸ ਹੈਲਪਲਾਈਨ ਨੰਬਰ 112 ਤੇ ਸੂਚਨਾ ਦੇ ਕੇ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਐੱਸਪੀ (ਐੱਚ) ਗੁਰਸ਼ਰਨਜੀਤ ਸਿੰਘ, ਐੱਸਪੀ (ਪੀਬੀਆਈ.) ਰਾਜਵਿੰਦਰ ਸਿੰਘ, ਡੀਐੱਸਪੀ (ਐ) ਸੁਮਿਤ ਸੂਦ, ਡੀਐੱਸਪੀ (ਸਪੈਸ਼ਲ ਬਰਾਂਚ) ਸਤੀਸ਼ ਕੁਮਾਰ, ਡੀਐੱਸਪੀ (ਐੱਨਡੀਪੀਐੱਸ) ਯਾਦਵਿੰਦਰ ਸਿੰਘ ਅਤੇ ਡੀਐੱਸਪੀ (ਮਾਲੇਰਕੋਟਲਾ) ਮਾਨਵਜੀਤ ਸਿੰਘ ਹਾਜ਼ਰ ਸਨ।