- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਨਾਭਾ ਜੇਲ੍ਹਾਂ ਦਾ ਦੌਰਾ, ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਜ਼ਿਲ੍ਹਾ ਤੇ ਸੈਸ਼ਨ ਜੱਜ ਪਟਿਆਲਾ ਅਵਤਾਰ ਸਿੰਘ ਨੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਮਨਦੀਪ ਕੰਬੋਜ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੇ ਓਪਨ ਏਅਰ ਜੇਲ੍ਹ ਨਾਭਾ ਦਾ ਦੌਰਾ ਕੀਤਾ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਿੱਜੀ ਤੌਰ ’ਤੇ ਹਰੇਕ ਬੈਰਕ ਦਾ ਜਾਇਜ਼ਾ ਲੈਂਦਿਆਂ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਅਵਤਾਰ ਸਿੰਘ ਨੇ ਕੈਦੀਆਂ ਨਾਲ ਉਨ੍ਹਾਂ ਦੀ ਪੇਸ਼ਾਵਰ ਸਿਖਲਾਈ ਅਤੇ ਪੁਨਰਵਾਸ ਸਬੰਧੀ ਵੀ ਸਾਰਥਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੈਦੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਉਨ੍ਹਾਂ ਨੂੰ ਢੁਕਵੀਆਂ ਸਿਹਤ ਤੇ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਉਨ੍ਹਾਂ ਜੇਲ੍ਹ ਅਧਿਕਾਰੀਆਂ ਅਤੇ ਸਟਾਫ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਅਮਨਦੀਪ ਕੰਬੋਜ ਨੇ ਲੋੜਵੰਦ ਵਿਅਕਤੀਆਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਦੇ ਚਾਹਵਾਨ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨਾਲ ਨਿੱਜੀ ਤੌਰ ’ਤੇ ਜਾਂ 0175-2306500 ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਨਾਲਸਾ ਦੀ 15100 ਹੈਲਪਲਾਈਨ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।