ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ’ਚ ਲੋਕਾਂ ਦਾ ਵੱਡਾ ਹੁੰਗਾਰਾ : ਡਾ. ਬਲਬੀਰ ਸਿੰਘ
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ: ਡਾ. ਬਲਬੀਰ ਸਿੰਘ
Publish Date: Sat, 31 Jan 2026 06:57 PM (IST)
Updated Date: Sat, 31 Jan 2026 06:58 PM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਨੇ ਸਾਰੇ ਨਾਗਰਿਕਾਂ ਲਈ ਪਹੁੰਚਯੋਗ, ਭਰੋਸੇਮੰਦ ਅਤੇ ਮੁਫ਼ਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ। ਸਰਕਟ ਹਾਊਸ ਵਿਖੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਦਾ ਵੱਡਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ, ਜੋ ਕਿ ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਯੋਜਨਾ ਬਾਰੇ ਵਿਰੋਧੀਆਂ ਦੇ ਕੂੜ ਪ੍ਰਚਾਰ ਤੋਂ ਬਚ ਕੇ ਰਹਿਣ ਕਿਉਂਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤਕ ਮੁਫ਼ਤ ਇਲਾਜ ਸਹੂਲਤ ਦਾ ਲਾਭ ਸਾਰੇ ਸਰਕਾਰੀ ਅਤੇ ਇੰਪੈਨਲਡ ਨਿੱਜੀ ਹਸਪਤਾਲਾਂ ਵਿੱਚ ਮਿਲੇਗਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਸੂਬੇ ਦੇ ਸਾਰੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰਾਂ ਵਿੱਚ ਵੇਲੇ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਆਪਣੇ ਨਾਲ ਰੱਖਣ। ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਦੇ ਵਲੰਟੀਅਰ ਇਸ ਸਕੀਮ ਦਾ ਲਾਭ ਲੋਕਾਂ ਨੂੰ ਦੇਣ ਲਈ ਜੋੜੇ ਗਏ ਹਨ ਅਤੇ ਉਨ੍ਹਾਂ ਵੱਲੋਂ ਕਾਰਡ ਬਣਾਉਣ ਲਈ ਪਹਿਲਾਂ ਹੀ ਲਗਭਗ 3.5 ਲੱਖ ਰਸੀਦਾਂ ਤਿਆਰ ਕੀਤੀਆਂ ਗਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ, ਸਿਹਤ ਵਿਭਾਗ ਨੇ ਸੁਵਿਧਾ ਕੇਂਦਰਾਂ ਨਾਲ ਸਾਂਝੇਦਾਰੀ ਕਰ ਕੇ ਪੰਜਾਬ ਭਰ ਵਿੱਚ ਵੱਡੇ ਪੱਧਰ ’ਤੇ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਲੋਕਾਂ ਦਾ ਉਨ੍ਹਾਂ ਦੇ ਭਾਰੀ ਹੁੰਗਾਰਾ ਦੇਣ ਲਈ ਧੰਨਵਾਦ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਲਾਭਪਾਤਰੀਆਂ ਨੂੰ ਕਿਹਾ ਕਿ ਕਿ ਜਦੋਂ ਉਹ ਕਿਸੇ ਵੀ ਸੂਚੀਬੱਧ ਹਸਪਤਾਲ ਇਲਾਜ ਲਈ ਜਾਂਦੇ ਹਨ ਤਾਂ ਉਹ ਆਪਣਾ ਆਧਾਰ ਅਤੇ ਵੋਟਰ ਕਾਰਡ ਆਪਣੇ ਨਾਲ ਰੱਖਣ। ਇਸ ਮੌਕੇ ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ 100 ਫ਼ੀਸਦੀ ਪੰਜਾਬ ਸਰਕਾਰ ਦੇ ਫੰਡਾਂ ’ਤੇ ਨਿਰਭਰ ਅਤੇ ਬਜਟ ਵਿੱਚ ਰੱਖੀ ਗਈ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 16.5 ਲੱਖ ਐੱਸਸੀ ਅਤੇ ਸੀਸੀ ਪਰਿਵਾਰ ਇਸ ਯੋਜਨਾ ਤਹਿਤ 5 ਲੱਖ ਰੁਪਏ ਦੇ ਲਾਭਾਂ ਲਈ ਯੋਗ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਸਰਵਵਿਆਪੀ ਸਿਹਤ ਯੋਜਨਾ ਹੈ ਅਤੇ ਕਿਸੇ ਵੀ ਨਾਗਰਿਕ ਨੂੰ ਇਸ ਦਾ ਲਾਭ ਲੈਣ ਲਈ ਕਿਸੇ ਨੂੰ ਵੀ ਇੱਕ ਪੈਸਾ ਨਹੀਂ ਦੇਣਾ ਪਵੇਗਾ ਤੇ ਇਹ ਪੰਜਾਬ ਦੇ ਲੋਕਾਂ ਲਈ ਪੂਰੀ ਤਰ੍ਹਾਂ ਮੁਫਤ ਹੈ।