ਸਿਹਤ ਮੰਤਰੀ ਨੇ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ
Publish Date: Fri, 06 Feb 2026 05:40 PM (IST)
Updated Date: Fri, 06 Feb 2026 05:44 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 14,16,27,29, ਅਰਬਨ ਅਸਟੇਟ ਫੇਜ਼ -1, ਪਿੰਡ ਹਰਦਾਸਪੁਰ, ਚਲੈਲਾ ਤੇ ਦੰਦਰਾਲਾ ਵਿਚ ਚੱਲ ਰਹੇ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪਾਂ ਦਾ ਨਿਰੀਖਣ ਕੀਤਾ। ਡਾ. ਬਲਬੀਰ ਸਿੰਘ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਮੌਕੇ ‘ਤੇ ਤਾਇਨਾਤ ਸਟਾਫ਼ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮੇਂ ਸਿਰ ਸਿਹਤ ਕਾਰਡ ਜਾਰੀ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਆਉਣ ‘ਤੇ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਅਹਿਮ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸਦਾ ਮਕਸਦ ਸੂਬੇ ਦੇ ਹਰ ਵਰਗ ਦੇ ਨਾਗਰਿਕ ਨੂੰ ਮੁਫ਼ਤ ਅਤੇ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਤਹਿਤ ਸਿਹਤ ਕਾਰਡ ਰਾਹੀਂ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲੋਕਾਂ ਵੱਲੋਂ ਇਸ ਯੋਜਨਾ ਨੂੰ ਭਰਵਾਂ ਹੁੰਘਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਸਿਹਤ ਕਾਰਡ ਬਣਵਾਉਣ ਲਈ ਅੱਗੇ ਆ ਰਹੇ ਹਨ। ਦੌਰੇ ਦੌਰਾਨ ਸਿਹਤ ਮੰਤਰੀ ਨੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਨ ਲਈ ਵਚਨਬੱਧ ਹੈ, ਇਸ ਮੌਕੇ ਉਹਨਾਂ ਦੇ ਨਾਲ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ , ਸੁਰੇਸ਼ ਰਾਏ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।