ਮਹਿਲਾ ਦਿਵਸ ’ਤੇ ਔਰਤਾਂ ਦਾ ਸਿਹਤ ਮੰਤਰੀ ਵੱਲੋਂ ਸਨਮਾਨ
ਮਹਿਲਾ ਦਿਵਸ ’ਤੇ ਮਹਿਲਾਵਾਂ ਦਾ ਸਿਹਤ ਮੰਤਰੀ ਵੱਲੋਂ ਸਨਮਾਨ
Publish Date: Sat, 07 Mar 2026 06:47 PM (IST)
Updated Date: Sat, 07 Mar 2026 06:51 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪਟਿਆਲਾ ਦੇ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਚ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਪੱਧਰ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਵਾਲੀਆਂ ਔਰਤਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਉਨ੍ਹਾਂ ਮਿਹਨਤੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ, ਜੋ ਸਵੈ ਸਹਾਇਤਾ ਸਮੂਹਾਂ ਰਾਹੀਂ ਕਾਰਜ ਲੈ ਕੇ ਛੋਟੇ ਕਾਰੋਬਾਰ ਤੋਂ ਵੱਡੇ ਕਾਰੋਬਾਰ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੀਆਂ ਹਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਭੂਮਿਕਾ ਹਰ ਖੇਤਰ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਔਰਤਾਂ ਵੱਖ-ਵੱਖ ਖੇਤਰਾਂ ਵਿੱਚ ਅੱਗੇ ਆ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਹੱਥੀਂ ਕੰਮ ਕਰਨ ਵਾਲੀਆਂ ਅਤੇ ਸਮਾਜ ਲਈ ਪ੍ਰੇਰਨਾ ਬਣੀਆਂ ਵਿਸ਼ੇਸ਼ ਔਰਤਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ ਤਾਂ ਜੋ ਔਰਤਾਂ ਦੀ ਹੌਸਲਾ ਅਫ਼ਜ਼ਾਈ ਹੋ ਸਕੇ ਅਤੇ ਉਹ ਹੋਰ ਵਧੇਰੇ ਉਤਸ਼ਾਹ ਨਾਲ ਸਮਾਜ ਸੇਵਾ ਅਤੇ ਆਪਣੇ ਕੰਮ ਵਿੱਚ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਨਮਾਨਿਤ ਕਰਨ ਦੀ ਇਹ ਪ੍ਰਕਿਰਿਆ ਬਲਾਕ ਪੱਧਰ ਤੋਂ ਸ਼ੁਰੂ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਅਤੇ ਫਿਰ ਸਟੇਟ ਲੈਵਲ ’ਤੇ ਵੀ ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।