
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡਾ. ਗੁਲਜਾਰ ਮੁਹੰਮਦ ਵੱਲੋਂ ਮਾਲੇਰਕੋਟਲਾ ਹਲਕੇ ਦੇ ਪਿੰਡਾਂ ’ਚ ਸਰਗਰਮੀਆਂ ਤੇਜ਼

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਆਉਣ ਵਾਲੀਆਂ ਸਿਆਸੀ ਸਰਗਰਮੀਆਂ ਦੇ ਮੱਦੇਨਜ਼ਰ ਹਲਕਾ ਮਾਲੇਰਕੋਟਲਾ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਆਰਥੋ ਦੇ ਮਾਹਰ ਡਾ. ਗੁਲਜਾਰ ਮੁਹੰਮਦ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਲੋਕ-ਪੱਖੀ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਡਾ. ਗੁਲਜਾਰ ਮੁਹੰਮਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ “ਸਿਆਸਤ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਲਈ ਯਤਨ ਕਰਨਾ ਹੀ ਅਸਲ ਲੋਕ ਸੇਵਾ ਹੈ।” ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਹਲਕੇ ਦੇ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਸਰਕਾਰ ਤੱਕ ਪਹੁੰਚਾਉਣ ਲਈ ਉਹ ਵਚਨਬੱਧ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਪ੍ਰਤੀ ਲੋਕਾਂ ਵਿੱਚ ਚੰਗਾ ਹੁੰਗਾਰਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੌਰਾਨ ਪਿੰਡਾਂ ਦੇ ਵਸਨੀਕਾਂ ਨੇ ਡਾ. ਗੁਲਜਾਰ ਮੁਹੰਮਦ ਨਾਲ ਇਲਾਕੇ ਦੀਆਂ ਸਥਾਨਕ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।