- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦਾ ਕਹਿਰ : ਮਹੀਨੇ ਚ ਚਾਰ ਮੌਤਾਂ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਕਾਂਗਰਸ ਆਗੂ ਤੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਬੀਬੀ ਪਲਵਿੰਦਰ ਕੌਰ ਹਰਿਆਊ ਨੇ ਕਿਹਾ ਕਿ ਪਿੰਡਾਂ ਵਿਚ ਮਾਰੂ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਬੇਹੱਦ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਪਿੰਡ ਚੁਨਾਗਰਾ, ਪਾਤੜਾਂ, ਦੁਗਾਲ ਤੇ ਦੇਧਨਾ ਵਿਚ ਨਸ਼ਿਆਂ ਕਾਰਨ ਜਾਨ ਗੁਆਉਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਲਵਿੰਦਰ ਕੌਰ ਹਰਿਆਊ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਸ਼ੁਤਰਾਣਾ ਵਿੱਚ ਇੱਕ ਮਹੀਨੇ ਦੌਰਾਨ ਚਾਰ ਪਿੰਡਾਂ ਵਿੱਚ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਚਿੰਤਾਵਾਂ ਕਾਇਮ ਹਨ। ਉਨ੍ਹਾਂ ਸਰਕਾਰ ਤੋਂ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ’ਤੇ ਸਖ਼ਤ ਕਾਰਵਾਈ ਕਰਨ, ਨੌਜਵਾਨਾਂ ਲਈ ਰੁਜ਼ਗਾਰ, ਖੇਡਾਂ ਅਤੇ ਸਿੱਖਿਆ ਦੇ ਮੌਕੇ ਵਧਾਉਣ ਅਤੇ ਨਸ਼ਾ ਪੀੜਤਾਂ ਲਈ ਇਲਾਜ ਤੇ ਪੁਨਰਵਾਸ ਦੀਆਂ ਸਹੂਲਤਾਂ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਲੋਕ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।