ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਡੇਂਗੂ ਵਿਰੋਧੀ ਡਰਾਈ ਡੇਅ ਮੁਹਿੰਮ
ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ
Publish Date: Fri, 24 Apr 2026 05:42 PM (IST)
Updated Date: Fri, 24 Apr 2026 05:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ। ਮੁਹਿੰਮ ਦੀ ਅਗਵਾਈ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜ਼ਿਲ੍ਹੇ ਭਰ ਵਿਚ ਸਪੈਸ਼ਲ ਮੁਹਿੰਮ ਚਲਾਈ ਗਈ। ਜਿਸ ਤਹਿਤ ਪਟਿਆਲਾ ਸ਼ਹਿਰ ’ਚ ਲਾਹੋਰੀ ਗੇਟ, ਗੁਰੂ ਨਾਨਕ ਨਗਰ, ਸੁਖਰਾਮ ਕਾਲੋਨੀ, ਬਡੂੰਗਰ ਆਦਿ ਵਿਚ ਜਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਘਰਾਂ ਅਤੇ ਥਾਵਾਂ ’ਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਚੇਤਾਵਨੀ ਨੋਟਿਸ ਵੀ ਦਿੱਤੇ ਗਏ। ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ’ਚ ਪਏ ਕਬਾੜ ਆਦਿ ਸਾਮਾਨ ’ਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ। ਇਸ ਅਭਿਆਨ ’ਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ,ਪਾਣੀ ਦੀ ਨਿਕਾਸੀ ਕੀਤੀ ਜਾਵੇ। ਜ਼ਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਡੇਂਗੂ ਵਿਰੋਧੀ ਚਲਾਏ ਡਰਾਈ ਡੇਅ ਅਭਿਆਨ ਅਧੀਨ ਸਟਾਫ ਦੀਆਂ ਟੀਮਾਂ ਨਾਲ ਨਰਸਿੰਗ ਵਿਦਿਆਰਥੀਆਂ ਵੱਲੋਂ ਜ਼ਿਲ੍ਹੇ ਭਰ ਦੇ 16837 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 17 ਥਾਵਾਂ ’ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਲੋਕਾਂ ਨੂੰ ਰਿਪੈਲੈਂਟ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।