- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਐਸਪੀ ਰਾਮਕੇਸ਼ ਵੱਲੋਂ ਐਸਐਸਐਫ ਦਫ਼ਤਰ ਦਾ ਉਦਘਾਟਨ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸੜਕ ਹਾਦਸਿਆਂ ਨੂੰ ਰੋਕਣ ਤੇ ਰਾਹਗੀਰਾਂ ਦੀ ਸਹਾਇਤਾ ਕਰਨ ਦੇ ਉਦੇਸ਼ ਨਾਲ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੇ ਰੂਟ ਨੰਬਰ 53108 ਵੱਲੋਂ ਘੱਗਾ ਵਿਖੇ ਜੰਮੂ-ਕੱਟੜਾ ਐਕਸਪ੍ਰੈੱਸਵੇਅ ਦੇ ਪੁਲ ਨੇੜੇ ਦਫ਼ਤਰ ਖੋਲ੍ਹਿਆ ਗਿਆ ਹੈ। ਇਸ ਦਫ਼ਤਰ ਦਾ ਰਸਮੀ ਉਦਘਾਟਨ ਡੀਐਸਪੀ ਰਾਮਕੇਸ਼ ਨੇ ਕੀਤਾ। ਇਸ ਮੌਕੇ ਡੀਐੱਸਪੀ ਰਾਮਕੇਸ਼ ਨੇ ਦੱਸਿਆ ਕਿ ਡੀਜੀਪੀ ਅਤੇ ਟ੍ਰੈਫਿਕ ਏਡੀਜੀਪੀ ਐੱਸ. ਰਾਏ ਤੇ ਐੱਸਐੱਸਪੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕਰ ਰਹੀ ਐੱਸਐੱਸਐੱਫ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਨੂੰ ਘਟਾਉਣਾ, ਕੀਮਤੀ ਮਨੁੱਖੀ ਜਾਨਾਂ ਬਚਾਉਣਾ ਅਤੇ ਆਵਾਜਾਈ ਨੂੰ ਸੁਰੱਖਿਅਤ ਬਣਾਉਣਾ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਫੋਰਸ ਦੇ ਜਵਾਨ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਅਤੇ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਐੱਸਐੱਸਐੱਫ ਵੱਲੋਂ ਤੇਜ਼ ਰਫ਼ਤਾਰ, ਗਲਤ ਪਾਰਕਿੰਗ ਅਤੇ ਖ਼ਤਰਨਾਕ ਡਰਾਈਵਿੰਗ ਨੂੰ ਰੋਕਣ ਦੇ ਨਾਲ-ਨਾਲ ਸੜਕਾਂ ’ਤੇ ਫਸੇ ਵਾਹਨ ਚਾਲਕਾਂ ਦੀ ਸਹਾਇਤਾ ਵੀ ਕੀਤੀ ਜਾਂਦੀ ਹੈ। ਰੂਟ ਇੰਚਾਰਜ ਏਐਸਆਈ ਚਰਨਜੀਤ ਸਿੰਘ ਨੇ ਲੋਕਾਂ ਨੂੰ ਹੈਲਮਟ ਤੇ ਸੀਟ ਬੈਲਟ ਦੀ ਵਰਤੋਂ ਕਰਨ, ਨਸ਼ੇ ਦੀ ਹਾਲਤ ’ਚ ਵਾਹਨ ਨਾ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਏਐਸਆਈ ਸ਼ੇਰ ਸਿੰਘ, ਕਾਂਸਟੇਬਲ ਅਰੁਨ ਕੁਮਾਰ ਅਤੇ ਰਵਿੰਦਰ ਸਿੰਘ ਵੀ ਮੌਜੂਦ ਸਨ।