ਡੀਟੀਐਫ ਨੇ ਜ਼ਬਰੀ ਥੋਪੇ ਟੈਟ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਡੀਟੀਐਫ ਨੇ ਜ਼ਬਰੀ ਥੋਪੇ ਟੈਟ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਐਲਾਨ
Publish Date: Tue, 31 Mar 2026 05:20 PM (IST)
Updated Date: Wed, 01 Apr 2026 04:05 AM (IST)

11 ਅਪ੍ਰੈਲ ਨੂੰ ਸੀਐੱਮ ਦੇ ਘਰ ਤੱਕ ਵਾਅਦਾ ਖਿਲਾਫੀ ਮਾਰਚ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਇਸ ਵਿਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ ਉਪਰ ਜ਼ਬਰੀ ਥੋਪੇ ਟੈਸਟ ਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਵਾਅਦਾ ਖ਼ਿਲਾਫੀਆਂ ਵਿਰੁੱਧ ਸੰਘਰਸ਼ ਨੂੰ ਅੱਗੇ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਕੀਤੇ ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਪੰਜਾਬ ਨੇ ਟੈੱਟ ਵਿਰੁੱਧ ਰੀਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿੱਚ ਮਤਾ ਲੈ ਕੇ ਆਉਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਸਰਕਾਰ ਨੇ ਦੋਨੋਂ ਮੰਗਾਂ ਉੱਪਰ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕੀਤੀ ਇਕ ਤਰ੍ਹਾਂ ਨਾਲ ਅਧਿਆਪਕਾਂ ਨਾਲ ਧੋਖਾ ਕਰਕੇ ਜ਼ਬਰੀ ਟੈੱਟ ਨੂੰ ਥੋਪਿਆ ਗਿਆ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਵੱਲੋਂ ਡੀਟੀਐੱਫ ਨਾਲ ਪਿਛਲੇ ਸਮੇਂ ਵਿੱਚ ਹੋਈ ਮੀਟਿੰਗ ਵਿੱਚ ਕੌਮੀ ਸਿੱਖਿਆ ਨੀਤੀ- 2020 ਨੂੰ ਪੰਜਾਬ ਵਿੱਚ ਨਾ ਲਾਗੂ ਕਰਨ ਅਤੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਪੰਜਾਬ ਕੈਬਨਿਟ ਨੇ 5 ਸਤੰਬਰ 2025 ਨੂੰ ਇਸ ਸਬੰਧੀ ਮਤਾ ਵੀ ਪਾਸ ਕੀਤਾ ਸੀ। ਇਸ ਤੋਂ ਇਲਾਵਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪ੍ਰੰਤੂ ਪੰਜਾਬ ਸਰਕਾਰ ਹੁਣ ਇਹਨਾਂ ਮਾਮਲਿਆਂ ਵਿੱਚ ਵੀ ਨੰਗੇ ਚਿੱਟੇ ਰੂਪ ਵਿੱਚ ਵਾਅਦਾ ਖਿਲਾਫੀ ਕਰ ਚੁੱਕੀ ਹੈ। ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਸੂਬਾ ਕਮੇਟੀ ਵੱਲੋਂ ਡੂੰਘੀ ਚਰਚਾ ਉਪਰੰਤ ਇਹ ਫ਼ੈਸਲਾ ਕੀਤਾ ਕਿ ਸੂਬਾ ਕਮੇਟੀ ਵਿੱਚ ਸ਼ਾਮਲ ਸਾਥੀ (ਸੂਬਾ ਸਕੱਤਰੇਤ, ਜਿਲ੍ਹਾ ਪ੍ਰਧਾਨਾਂ ਤੇ ਸੂਬਾ ਕਮੇਟੀ ਮੈਂਬਰਾਂ) ਅਸੂਲਨ ਪੋਜੀਸ਼ਨ ਤੇ ਖੜਦੇ ਹੋਏ 19 ਅਪ੍ਰੈਲ ਨੂੰ ਹੋਣ ਵਾਲੇ ਇਨ ਸਰਵਿਸ ਟੈੱਟ ਦੇ ਪੇਪਰ ਵਿੱਚ ਨਹੀਂ ਬੈਠਣਗੇ ਅਤੇ ਅਧਿਆਪਕਾਂ ਨੂੰ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹਿਣ ਦਾ ਸੱਦਾ ਦੇਣਗੇ। ਡੀਟੀਐੱਫ ਦੀ ਸੂਬਾ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਸਮੂਹ ਅਧਿਆਪਕ ਜੱਥੇਬੰਦੀਆਂ ਵੱਲੋਂ 6 ਅਤੇ 7 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਪੁਤਲਾ ਫੂਕ ਪ੍ਰਦਰਸ਼ਨ ਦਾ ਹਿੱਸਾ ਬਣਿਆ ਜਾਵੇਗਾ। ਇਸ ਤੋਂ ਇਲਾਵਾ ਵਾਅਦਾ ਖਿਲਾਫੀ ਕਰਨ ਵਾਲੀ ਪੰਜਾਬ ਸਰਕਾਰ ਨੂੰ ਸੰਘਰਸ਼ ਰਾਹੀਂ ਘੇਰਨ ਲਈ 11 ਅਪ੍ਰੈਲ ਨੂੰ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਵੱਲ ਵਾਅਦਾ ਖਿਲਾਫੀ ਮਾਰਚ ਕੀਤਾ ਜਾਵੇਗਾ। ਇਸ ਮੌਕੇ ਡੈਮੋਕ੍ਰੈਟਿਕ ਮੁਲਾਜਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੀ.ਟੀ.ਐਫ. ਦੇ ਸੂਬਾ ਆਗੂ ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ ਗੁਰਪਿਆਰ ਕੋਟਲੀ, ਮੁਕੇਸ਼ ਕੁਮਾਰ, ਜਗਪਾਲ ਬੰਗੀ, ਹਰਜਿੰਦਰ ਵਡਾਲਾ, ਪਵਨ ਮੁਕਤਸਰ, ਜੋਸ਼ੀਲ ਤਿਵਾੜੀ, ਅਮੋਲਕ ਡੇਲੂਆਣਾ, ਮੇਘਰਾਜ, ਰਘਵੀਰ ਭਵਾਨੀਗੜ੍ਹ, ਜਸਵੀਰ ਸਿੰਘ ਸੰਧੂ, ਰਮਨਜੀਤ ਸੰਧੂ, ਪ੍ਰਤਾਪ ਸਿੰਘ ਠੱਠਗੜ, ਕੌਰ ਸਿੰਘ ਫੱਗੂ, ਰੁਪਿੰਦਰ ਪਾਲ ਗਿੱਲ, ਸੁਖਵਿੰਦਰ ਗਿਰ, ਹੰਸਾ ਸਿੰਘ ਮਾਨਸਾ, ਰਜਿੰਦਰ ਗੁਰੂ, ਜਸਵੀਰ ਸਿੰਘ ਭੱਮਾਂ, ਜਤਿੰਦਰ ਸਿੰਘ ਫਤਹਿਗੜ੍ਹ ਸਾਹਿਬ, ਗਿਆਨ ਚੰਦ ਰੋਪੜ, ਤਜਿੰਦਰ ਸਿੰਘ ਕਪੂਰਥਲਾ, ਅਮਰੀਕ ਸਿੰਘ ਜਲੰਧਰ, ਗੁਰਮੇਲ ਸਿੰਘ ਮਲਕਾਣਾ, ਗੁਰਵਿੰਦਰ ਸਿੰਘ ਫਾਜ਼ਿਲਕਾ, ਗੁਰਬਿੰਦਰ ਖ਼ੈਰਾ ਇੰਦਰਸੂਖਦੀਪ ਓਡਰਾ, ਦਲਜੀਤ ਸਫ਼ੀਪੁਰ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਮਨੋਹਰ ਨਵਾਂਸਹਿਰ, ਜਸਪਾਲ ਚੌਧਰੀ, ਵਿਕਰਮਜੀਤ ਮਾਲੇਰਕੋਟਲਾ, ਉਪਕਾਰ ਸਿੰਘ, ਅਮਰਦੀਪ ਤਰਨਤਾਰਨ, ਸੁਨੀਲ ਕੁਮਾਰ, ਪ੍ਰੇਮ ਕੰਬੋਜ, ਵਿਕਰਮ ਜਲੰਧਰ ਹਾਜ਼ਰ ਸਨ।