ਮਾਰਚ ਕਰਦੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਕੀਤੀ ਨਿਖੇਧੀ
ਬੇਲੋੜੀ ਜਬਰੀ ਠੋਸੀ ਟੈਟ ਸ਼ਰਤ ਖਿਲਾਫ਼ ਵਿਧਾਨ ਸਭਾ ਵੱਲ ਮਾਰਚ ਕਰਦੇ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿਖੇਧੀ
Publish Date: Fri, 13 Mar 2026 04:56 PM (IST)
Updated Date: Fri, 13 Mar 2026 05:00 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨੌਕਰੀ ਵਿਚ ਬਣੇ ਰਹਿਣ ਅਤੇ ਪ੍ਰਮੋਸ਼ਨਾਂ ਵਿਚ ਠੋਸੇ ਜਬਰੀ ਟੈਟ ਦੇ ਖ਼ਿਲਾਫ਼ ਪੰਜਾਬ ਦੇ ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਵੱਲੋਂ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਤਸ਼ੱਦਦ, ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ, 4161 ਮਾਸਟਰ ਕਾਡਰ ਯੂਨੀਅਨ, 6635 ਅਧਿਆਪਕ ਯੂਨੀਅਨ,ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਮਿੱਡ ਡੇ ਮੀਲ ਵਰਕਰ ਯੂਨੀਅਨ ਤੇ ਡੈਮੋਕ੍ਰੇਟਿਕ ਪੈਨਸ਼ਨਰ ਫਰੰਟ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹੋਇਆ ਜਥੇਬੰਦੀਆਂ ਦੇ ਆਗੂਆਂ ਹਰਵਿੰਦਰ ਸਿੰਘ ਰੱਖੜਾ, ਗੁਰਧਿਆਨ ਸਿੰਘ, ਖੁਸ਼ਦੀਪ ਸਿੰਘ ਲਾਡੀ, ਦਵਿੰਦਰ ਸਿੰਘ ਪੂਨੀਆ, ਪਿੰਕੀ ਰਾਣੀ ਅਤੇ ਅਤਿੰਦਰਪਾਲ ਸਿੰਘ ਘੱਗਾ ਨੇ ਕਿਹਾ ਕਿ ਪੰਜਾਬ ਦੇ ਅਧਿਆਪਕ ਸੁਪਰੀਮ ਕੋਰਟ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਨੌਕਰੀ ’ਚ ਬਣੇ ਰਹਿਣ ਅਤੇ ਪ੍ਰਮੋਸ਼ਨਾਂ ਸਮੇਂ ਜ਼ਬਰੀ ਟੈਸਟ ਲੈਣ ਦੇ ਦਿੱਤੇ ਫੈਸਲੇ ਦੇ ਖ਼ਿਲਾਫ਼ ਪਿਛਲੇ ਦੋ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਹ ਪੰਜਾਬ ਦੇ ਅਧਿਆਪਕਾਂ ਦੀਆਂ ਸਰਵਿਸਾਂ ਨੂੰ ਸੁਰੱਖਿਅਤ ਕਰਦਿਆਂ ਵਿਧਾਨ ਸਭਾ ’ਚ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਵੇ। ਇਸ ਮੰਗ ਲਈ ਪੰਜਾਬ ਦੇ ਸਮੂਹ ਅਧਿਆਪਕਾਂ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ ਪਰ ਸਰਕਾਰ ਵੱਲੋਂ ਇਸ ਬਾਰੇ ਕੋਈ ਵੀ ਨਿਰਣਾ ਨਹੀਂ ਲਿਆ ਗਿਆ ਜਿਸ ਕਰਕੇ ਇਸ ਮੰਗ ਨੂੰ ਲੈ ਕੇ ਅੱਜ ਪੰਜਾਬ ਦੇ ਹਜ਼ਾਰਾਂ ਅਧਿਆਪਕ ਵਿਧਾਨ ਸਭਾ ਦੇ ਚਲਦੇ ਸੈਸ਼ਨ ਤਹਿਤ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸਨ ਸਰਕਾਰ ਵੱਲੋਂ ਕੋਈ ਯੋਗ ਹੱਲ ਕੱਢਣ ਦੀ ਬਜਾਏ ਅਧਿਆਪਕਾਂ ਤੇ ਬੇਇੰਤਹਾ ਤਸ਼ੱਦਦ, ਲਾਠੀਚਾਰਜ ਅਤੇ ਅੱਥਰੂ ਗੋਲੇ ਦਾਗੇ ਗਏ ਹਨ ਜਿਸ ਨਾਲ ਬਹੁਤ ਸਾਰੇ ਅਧਿਆਪਕ ਜਖਮੀ ਹੋਏ ਅਤੇ ਸੈਂਕੜੇ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਜਾਇਜ਼ ਮੰਗ ਮੰਨਦਿਆਂ 16 ਮਾਰਚ ਤੱਕ ਵਿਧਾਨ ਸਭਾ ਵਿੱਚ ਟੈੱਟ ਖਿਲਾਫ ਮਤਾ ਨਾ ਪਾਇਆ ਤਾਂ 17 ਮਾਰਚ ਨੂੰ ਬਲਾਕਾਂ ਅਤੇ ਜਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ ਜਿਸ ਵਿੱਚ ਡੀਟੀਐਫ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ।