ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ 'ਚ ਰਹਿ ਕੇ ਖੁਸ਼ ਹਨ ਨੌਜਵਾਨ: ਹਰਪਾਲ ਚੀਮਾ
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਇਤਿਹਾਸਕ ਵਾਧਾ ਕਰਦਿਆਂ 1791 ਕਰੋੜ ਰੁਪਏ ਰਾਖਵੇਂ ਰੱਖੇ ਹਨ। ਇਸ ਰਾਸ਼ੀ ਨਾਲ ਜਿੱਥੇ ਪਿੰਡ-ਪਿੰਡ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਰੁਜ਼ਗਾਰ ਦੇ ਵੱਡੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ।
Publish Date: Mon, 20 Apr 2026 01:33 PM (IST)
Updated Date: Mon, 20 Apr 2026 01:35 PM (IST)
ਨਵਦੀਪ ਢੀਂਗਰਾ,ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਦਸੋਂ ਰੋਡ ਸਥਿਤ ਮਹਾਰਾਜਾ ਭੂਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰ ਵਰਗ ਦੇ ਭਲੇ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਨਿਰਾਸ਼ ਹੋ ਕੇ ਵਿਦੇਸ਼ਾਂ ਦਾ ਰੁਖ ਕਰਨ ਵਾਲਾ ਪੰਜਾਬੀ ਨੌਜਵਾਨ ਹੁਣ ਆਪਣੇ ਸੂਬੇ ਵਿੱਚ ਰਹਿ ਕੇ ਸਰਕਾਰੀ ਨੌਕਰੀਆਂ ਪ੍ਰਾਪਤ ਕਰ ਰਿਹਾ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਪੰਜਾਬ ਦਾ ਨਾਮ ਰੌਸ਼ਨ ਕਰ ਰਿਹਾ ਹੈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਇਤਿਹਾਸਕ ਵਾਧਾ ਕਰਦਿਆਂ 1791 ਕਰੋੜ ਰੁਪਏ ਰਾਖਵੇਂ ਰੱਖੇ ਹਨ। ਇਸ ਰਾਸ਼ੀ ਨਾਲ ਜਿੱਥੇ ਪਿੰਡ-ਪਿੰਡ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਉੱਥੇ ਹੀ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਰੁਜ਼ਗਾਰ ਦੇ ਵੱਡੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਡੇਢ ਲੱਖ ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ 5 ਲੱਖ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ।
ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਪਿਛਲੇ ਰਾਜ ਦੌਰਾਨ ਬੇਅਦਬੀ ਅਤੇ ਬਰਗਾੜੀ ਕਾਂਡ ਵਰਗੀਆਂ ਦੁਖਦਾਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਸਿੱਖ ਕੌਮ ਦੇ ਹਿਰਦੇ ਵਲੂੰਦਰੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ' ਪਾਸ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਤਾਂ ਜੋ ਪਵਿੱਤਰ ਗ੍ਰੰਥ ਦੀ ਮਰਿਆਦਾ ਅਤੇ ਸਤਿਕਾਰ ਨੂੰ ਕਾਇਮ ਰੱਖਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਦਾ ਮੁਆਇਨਾ ਵੀ ਕੀਤਾ ਅਤੇ ਉਮੀਦ ਜਤਾਈ ਕਿ ਇਹ ਸੰਸਥਾ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।