ਮੁਲਾਜ਼ਮਾਂ ਦੀ ਹੜਤਾਲ ਤੇ ਪੋਰਟਲ ਠੱਪ ਹੋਣ ਕਾਰਨ ਸੇਵਾ ਕੇਂਦਰ ਬਣੇ ’ਸਜ਼ਾ ਕੇਂਦਰ’ : ਭਾਜਪਾ ਮੁਲਾਜ਼ਮਾਂ ਦੀ ਹਤਾਲ ਤੇ ਪੋਰਟਲ ਠੱਪ ਹੋਣ ਕਾਰਨ, ਸੇਵਾ ਕੇਂਦਰ ਬਣੇ ’ਸਜ਼ਾ ਕੇਂਦਰ’ : ਭਾਜਪਾ
Publish Date: Sat, 11 Jul 2026 05:42 PM (IST)
Updated Date: Sun, 12 Jul 2026 04:07 AM (IST)
ਫੋਟੋ 11ਪੀਟੀਐਲ: 11 ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼ : ਭਾਰਤੀ ਜਨਤਾ ਪਾਰਟੀ ਪਟਿਆਲਾ ਦਿਹਾਤੀ ਉੱਤਰੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਨੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ‘ਕਨੈਕਟ ਪੰਜਾਬ’ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਾਰਨ ਤੇ ਮੁਲਾਜ਼ਮਾਂ ਦੀ ਹਡ਼ਤਾਲ ਕਰ ਕੇ ਸੇਵਾ ਕੇਂਦਰ ਹੁਣ ਸਜ਼ਾ ਕੇਂਦਰ ਬਣ ਗਏ ਹਨ ਤੇ ਲੋਕ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਡਿਜ਼ੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੀ ਪੂਰੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ ਅਤੇ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿੱਚ ਖਡ਼ੇ ਹੋਣ ਲਈ ਮਜਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਿਆ ਹੈ। ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿੱਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ, ਮਜ਼ਦੂਰ ਅਤੇ ਰੋਜ਼ਾਨਾ ਦਿਹਾਡ਼ੀ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਘੰਟਿਆਂ ਬੱਦੀ ਸੇਵਾ ਕੇਂਦਰਾਂ ਦੇ ਬਾਹਰ ਖਡ਼ੇ ਰਹਿੰਦੇ ਹਨ, ਪਰ ਆਖ਼ਰ ਵਿੱਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ। ਗਗਰੌਲੀ ਨੇ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ। ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ, ਆਪਣੀ ਦਿਹਾਡ਼ੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪਰਵਾਹੀ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਉਹਨਾਂ ਨੇ ਕਿਹਾ ਕਿ ਜੋ ਸਰਕਾਰ ਆਪਣੇ ਹੀ ਡਿਜ਼ੀਟਲ ਪੋਰਟਲ ਨੂੰ ਸੁਚਾਰੂ ਢੰਗ ਨਾਲ ਨਹੀਂ ਚਲਾ ਸਕਦੀ ਤਾਂ ਉਹ ਚੰਗੇ ਪ੍ਰਸ਼ਾਸਨ ਅਤੇ ਪਾਰਦਰਸ਼ੀ ਗਵਰਨੈਂਸ ਦੇ ਦਾਅਵੇ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰੱਖਦੀ। ਇਹ ਭਗਵੰਤ ਮਾਨ ਸਰਕਾਰ ਦੀ ਅਯੋਗਤਾ ਅਤੇ ਪ੍ਰਸ਼ਾਸਨਿਕ ਅਸਫਲਤਾ ਦਾ ਜਿਉਂਦਾ ਜਾਗਦਾ ਸਬੂਤ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ’ਕਨੈਕਟ ਪੰਜਾਬ’ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖਾਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ।