- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਮਹੀਨੇ ਦੀ ਮੁਹਿੰਮ ਦੌਰਾਨ ਘਰ-ਘਰ ਜਾ ਕੇ ਐੱਚਆਈਵੀ/ਏਡਜ਼ ਬਾਰੇ ਕੀਤਾ ਜਾਵੇਗਾ ਜਾਗਰੂਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਦੀ ਇੰਟੈਂਸੀਫਾਈਡ ਆਈਈਸੀ ਮੁਹਿੰਮ-3.0 ਦੇ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ 12 ਅਗਸਤ ਤੋਂ 12 ਅਕਤੂਬਰ ਤੱਕ ਸੂਬੇ ਭਰ ’ਚ ਚਲਾਈ ਜਾਵੇਗੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਉਦੇਸ਼ ਐੱਚਆਈਵੀ/ਏਡਜ਼ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਵਧਾਉਣਾ, ਸਮੇਂ ਸਿਰ ਜਾਂਚ ਅਤੇ ਇਲਾਜ ਲਈ ਪ੍ਰੇਰਿਤ ਕਰਨਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣਾ ਹੈ। ਇਸ ਤਹਿਤ ਸੂਬੇ ਦੇ 12,997 ਸਕੂਲਾਂ ਅਤੇ 1,475 ਕਾਲਜਾਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ 2,000 ਪਿੰਡਾਂ ਵਿਚ ਕਾਊਂਸਲਰ ਘਰ-ਘਰ ਜਾ ਕੇ ਲੋਕਾਂ ਨੂੰ ਐੱਚਆਈਵੀ/ਏਡਜ਼ ਸਬੰਧੀ ਜਾਣਕਾਰੀ ਦੇਣਗੇ। ਰੈਲੀਆਂ, ਫਲੈਸ਼ ਮੌਬ ਤੇ ਹੋਰ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ 23 ਜ਼ਿਲ੍ਹਿਆਂ ਦੇ ਕਰੀਬ 2,000 ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ, ਜਿਨ੍ਹਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐੱਚਆਈਵੀ ਨਾਲ ਪ੍ਰਭਾਵਿਤ ਵਿਅਕਤੀਆਂ ਨਾਲ ਭੇਦਭਾਵ ਕਾਨੂੰਨੀ ਅਪਰਾਧ ਹੈ ਅਤੇ ਸਰਕਾਰ ਪ੍ਰਭਾਵਿਤ ਲੋਕਾਂ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ ਲਈ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਐੱਚਆਈਵੀ ਦੀ ਰੋਕਥਾਮ ਤੇ ਇਲਾਜ ਲਈ ਵੱਖ-ਵੱਖ ਕੇਂਦਰਾਂ ਰਾਹੀਂ ਮੁਫ਼ਤ ਜਾਂਚ, ਇਲਾਜ, ਕਾਉਂਸਲਿੰਗ ਅਤੇ ਪੁਨਰਵਾਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਕਈ ਸੀਨੀਅਰ ਅਧਿਕਾਰੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਵੀ ਮੌਜੂਦ ਸਨ।