- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਨੌਰ ਬੱਸ ਸਟੈਂਡ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਕੇਂਦਰੀ ਕਮੇਟੀ ਦੇ ਸੱਦੇ ’ਤੇ ਤਿੰਨ ਜਨਤਕ ਜਥੇਬੰਦੀਆਂ ਸੀਟੂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਕਿਸਾਨ ਸਭਾ ਵੱਲੋਂ ਘਨੌਰ ਦੇ ਬੱਸ ਸਟੈਂਡ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਐੱਸਆਈਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਪ੍ਰਕਿਰਿਆ ਦੇ ਵਿਰੋਧ ਵਿਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਮੁੱਖ ਚੋਣ ਕਮਿਸ਼ਨਰ ਤੋਂ ਅਸਤੀਫ਼ੇ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੀਟੂ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ, ਡਾਕਟਰ ਵਿਜੇਪਾਲ ਸੀਪੀਐੱਮ ਤਹਿਸੀਲ ਸਕੱਤਰ ਤੇ ਮਾਸਟਰ ਗੁਰਨਾਮ ਸਿੰਘ ਸੀਟੂ ਆਗੂ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਇਕੱਠੇ ਹੋਏ ਆਗੂਆਂ ਤੇ ਕਾਰਕੁਨਾਂ ਨੇ ਐੱਸਆਈਆਰ ਪ੍ਰਕਿਰਿਆ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਤੇ ਚੋਣ ਕਮਿਸ਼ਨ ਦੀ ਭੂਮਿਕਾ ਸਬੰਧੀ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਆਗੂਆਂ ਨੇ ਕੇਂਦਰ ਸਰਕਾਰ ਦੀ ਕਾਰਜਪ੍ਰਣਾਲੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਸੋਧ ਦੌਰਾਨ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਨੇ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਬੁਨਿਆਦੀ ਤਾਕਤ ਹੈ ਅਤੇ ਇਸ ਦੀ ਰੱਖਿਆ ਕਰਨਾ ਚੋਣ ਕਮਿਸ਼ਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਐੱਸ.ਆਈ.ਆਰ. ਪ੍ਰਕਿਰਿਆ ਨੂੰ ਲੈ ਕੇ ਲੋਕਾਂ ’ਚ ਪੈਦਾ ਹੋ ਰਹੀਆਂ ਚਿੰਤਾਵਾਂ ਦੂਰ ਕਰਨ ਦੀ ਮੰਗ ਕੀਤੀ। ਇਸ ਮੌਕੇ ਜਰਨੈਲ ਸਿੰਘ ਘਨੌਰ, ਪ੍ਰੇਮ ਸਿੰਘ ਘਨੌਰ, ਜਸਪਾਲ ਕੁਮਾਰ ਘਨੌਰ, ਬਲਵੀਰ ਸਿੰਘ ਸੇਖੂਪੁਰ ਅਤੇ ਜਗਪਾਲ ਸਿੰਘ ਮੰਡੋਲੀ ਸਮੇਤ ਹੋਰ ਕਾਰਕੁਨ ਵੀ ਮੌਜੂਦ ਸਨ।