- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰੋੜਾ ਨੇ ਕਿਹਾ ਕਿ ਲੋਕਾਂ ਅਤੇ ਕਿਸਾਨਾਂ ਨੂੰ ਪਰੇਸ਼ਾਨ ਕਰਕੇ ਸਰਕਾਰ ’ਤੇ ਦਬਾਅ ਬਣਾਉਣ ਦੀ ਨੀਅਤ ਨਾਲ ਹੜਤਾਲ ਕਰਨਾ ਜਾਇਜ਼ ਨਹੀਂ ਹੈ। ਸਰਕਾਰ ਵੀ ਲੋਕਾਂ ਦੀ ਹੈ ਅਤੇ ਕਰਮਚਾਰੀ ਵੀ ਲੋਕਾਂ ਦੇ ਸੇਵਕ ਹਨ। ਇਸ ਲਈ ਉਨ੍ਹਾਂ ਕਰਮਚਾਰੀ ਯੂਨੀਅਨਾਂ ਨੂੰ ਨਿਮਰਤਾ ਨਾਲ ਅਪੀਲ ਕੀਤੀ ਕਿ ਉਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰੇਸ਼ਾਨ ਨਾ ਕਰਨ।

ਜਾਸ, ਸੁਨਾਮ : ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਐਤਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦੇ ਕਰਮਚਾਰੀਆਂ ਨੂੰ ਤੁਰੰਤ ਹੜਤਾਲ ਖ਼ਤਮ ਕਰ ਕੇ ਡਿਊਟੀ ’ਤੇ ਵਾਪਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੇ ਬਹੁਤ ਮਹੱਤਵਪੂਰਨ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਲਗਭਗ ਤਿੰਨ ਕਰੋੜ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਜਾਇਜ਼ ਮੰਗ 'ਤੇ ਗੱਲਬਾਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਦੱਸਿਆ ਕਿ 21 ਜੁਲਾਈ ਤੋਂ ਪਾਵਰ ਕਾਰਪੋਰੇਸ਼ਨ ਦੇ ਕਰੀਬ 18,500 ਕਰਮਚਾਰੀ, ਜੋ ਕੁੱਲ ਕਰਮਚਾਰੀਆਂ ਦਾ ਲਗਭਗ 90 ਫੀਸਦੀ ਹਨ, ਹੜਤਾਲ ’ਤੇ ਹਨ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਸਿੰਚਾਈ ਦਾ ਕੰਮ ਰੁਕ ਰਿਹਾ ਹੈ ਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਘਰੇਲੂ ਖਪਤਕਾਰਾਂ, ਵਪਾਰੀਆਂ, ਮਹਿਲਾਵਾਂ ਅਤੇ ਆਮ ਲੋਕਾਂ ਨੂੰ ਵੀ ਕਈ ਸਮੱਸਿਆਵਾਂ ਝੱਲਣੀਆਂ ਪੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀ ਸਰਕਾਰ ਹੈ ਤੇ ਕਰਮਚਾਰੀਆਂ ਦੇ ਹਿੱਤਾਂ ਲਈ ਕਈ ਅਹਿਮ ਫ਼ੈਸਲੇ ਕਰ ਚੁੱਕੀ ਹੈ। ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦਕਿ ਹਜ਼ਾਰਾਂ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ। ਸਾਲਾਂ ਤੋਂ ਲਟਕ ਰਹੀਆਂ ਕਈ ਮੰਗਾਂ ਵੀ ਪੂਰੀਆਂ ਕੀਤੀਆਂ ਗਈਆਂ ਹਨ। ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀਆਂ ਦੀਆਂ ਕਈ ਮੰਗਾਂ ਸਰਕਾਰ ਪਹਿਲਾਂ ਹੀ ਮੰਨ ਚੁੱਕੀ ਹੈ। ਬਾਕੀ ਮੰਗਾਂ ਸਬੰਧੀ ਖੁਦ ਕਰਮਚਾਰੀ ਯੂਨੀਅਨਾਂ ਨੇ ਸਰਕਾਰ ਨੂੰ ਸਾਂਝੀ ਕਮੇਟੀ ਬਣਾਉਣ ਦੀ ਅਪੀਲ ਕੀਤੀ ਸੀ। ਇਸ ਤਹਿਤ ਲਗਭਗ 25 ਦਿਨ ਪਹਿਲਾਂ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ, ਜੋ ਲਗਾਤਾਰ ਮੰਗਾਂ ’ਤੇ ਵਿਚਾਰ ਕਰ ਰਹੀ ਹੈ। ਸਰਕਾਰ ਹਰ ਜਾਇਜ਼ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਲਈ ਵਚਨਬੱਧ ਹੈ। ਅਜਿਹੇ ਵਿੱਚ ਗੱਲਬਾਤ ਦੌਰਾਨ ਹੜਤਾਲ ਕਰਨਾ ਠੀਕ ਨਹੀਂ ਹੈ।
ਅਰੋੜਾ ਨੇ ਕਿਹਾ ਕਿ ਲੋਕਾਂ ਅਤੇ ਕਿਸਾਨਾਂ ਨੂੰ ਪਰੇਸ਼ਾਨ ਕਰਕੇ ਸਰਕਾਰ ’ਤੇ ਦਬਾਅ ਬਣਾਉਣ ਦੀ ਨੀਅਤ ਨਾਲ ਹੜਤਾਲ ਕਰਨਾ ਜਾਇਜ਼ ਨਹੀਂ ਹੈ। ਸਰਕਾਰ ਵੀ ਲੋਕਾਂ ਦੀ ਹੈ ਅਤੇ ਕਰਮਚਾਰੀ ਵੀ ਲੋਕਾਂ ਦੇ ਸੇਵਕ ਹਨ। ਇਸ ਲਈ ਉਨ੍ਹਾਂ ਕਰਮਚਾਰੀ ਯੂਨੀਅਨਾਂ ਨੂੰ ਨਿਮਰਤਾ ਨਾਲ ਅਪੀਲ ਕੀਤੀ ਕਿ ਉਹ ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰੇਸ਼ਾਨ ਨਾ ਕਰਨ।
ਉਨ੍ਹਾਂ ਦੱਸਿਆ ਕਿ ਇਕ ਕਿਸਾਨ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਸ ਨੇ ਤਿੰਨ ਏਕੜ ਠੇਕੇ ਦੀ ਜ਼ਮੀਨ ’ਤੇ ਖੇਤੀ ਕੀਤੀ ਹੋਈ ਹੈ, ਪਰ ਹੜਤਾਲ ਕਾਰਨ ਬਿਜਲੀ ਨਾ ਮਿਲਣ ਨਾਲ ਉਸ ਦੀ ਰੋਜ਼ੀ-ਰੋਟੀ 'ਤੇ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਅਰੋੜਾ ਨੇ ਸਵਾਲ ਕੀਤਾ ਕਿ ਅਜਿਹੇ ਮਿਹਨਤੀ ਕਿਸਾਨਾਂ ਦਾ ਕੀ ਕਸੂਰ ਹੈ?
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਕਰਮਚਾਰੀ ਯੂਨੀਅਨਾਂ ਨਾਲ ਲਗਾਤਾਰ ਸੰਪਰਕ ’ਚ ਹਨ ਤੇ ਗੱਲਬਾਤ ਜਾਰੀ ਹੈ। ਮੁੱਖ ਮੰਤਰੀ, ਬਿਜਲੀ ਵਿਭਾਗ ਤੇ ਪੂਰੀ ਸਰਕਾਰ ਕਰਮਚਾਰੀਆਂ ਨਾਲ ਸੰਵਾਦ ਲਈ ਹਮੇਸ਼ਾ ਤਿਆਰ ਹੈ।
ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨੇ ਸੂਬੇ ’ਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਹੈ। ਹੁਣ ਜੇ ਕੁਝ ਲੋਕ ਹੜਤਾਲ ਕਰ ਕੇ ਸਰਕਾਰ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਲੋਕ ਸਭ ਕੁਝ ਸਮਝਦੇ ਹਨ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਰਮਚਾਰੀ ਯੂਨੀਅਨਾਂ ਨਾਲ ਗੱਲਬਾਤ ਕਰਕੇ ਹੜਤਾਲ ਖਤਮ ਕਰਵਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ।